SGPC ’ਤੇ ਭੜਕੇ ਗਿਆਨੀ ਰਘਬੀਰ ਸਿੰਘ — ਜਵਾਬ ਦਿਓ ਨਹੀਂ ਤਾਂ ਸਭ ਕੁਝ ਖੋਲ੍ਹ ਦਿਆਂਗਾ!”
ਅੰਮ੍ਰਿਤਸਰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਅਤੇ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਰਘਬੀਰ ਸਿੰਘ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਵੱਲੋਂ ਜਾਰੀ 72 ਘੰਟਿਆਂ ਦੇ ਨੋਟਿਸ ‘ਤੇ ਤਿੱਖੀ ਪ੍ਰਤੀਕਿਰਿਆ ਦਿੱਤੀ ਹੈ।
ਉਨ੍ਹਾਂ SGPC ਨੂੰ ਚੁਣੌਤੀ ਦਿੰਦਿਆਂ ਕਿਹਾ ਕਿ ਪਹਿਲਾਂ ਉਹਨਾਂ ਵੱਲੋਂ ਉਠਾਏ ਗਏ ਸਵਾਲਾਂ ਦੇ ਜਵਾਬ ਦਿੱਤੇ ਜਾਣ, ਨਹੀਂ ਤਾਂ ਉਹ ਸਾਰੇ ਤੱਥ ਸੰਗਤ ਦੇ ਸਾਹਮਣੇ ਜਨਤਕ ਕਰਨਗੇ।
ਗਿਆਨੀ ਰਘਬੀਰ ਸਿੰਘ ਨੇ ਦੱਸਿਆ ਕਿ 18 ਤਾਰੀਖ ਨੂੰ ਜਲੰਧਰ ਪ੍ਰੈਸ ਕਲੱਬ ਵਿੱਚ ਪ੍ਰੈਸ ਕਾਨਫਰੰਸ ਦੌਰਾਨ ਉਨ੍ਹਾਂ SGPC ਅੰਦਰ ਕਥਿਤ ਭ੍ਰਿਸ਼ਟਾਚਾਰ ਨਾਲ ਸੰਬੰਧਤ ਗੰਭੀਰ ਮਸਲੇ ਉਠਾਏ ਸਨ।
ਉਨ੍ਹਾਂ ਕਿਹਾ ਕਿ ਇਸ ਦੇ ਅਗਲੇ ਹੀ ਦਿਨ 19 ਤਾਰੀਖ ਨੂੰ ਹੋਈ SGPC ਦੀ ਕਾਰਜਕਾਰੀ ਮੀਟਿੰਗ ਵਿੱਚ ਉਨ੍ਹਾਂ ਨੂੰ 72 ਘੰਟਿਆਂ ਦਾ ਨੋਟਿਸ ਜਾਰੀ ਕਰ ਦਿੱਤਾ ਗਿਆ। ਹੈਰਾਨੀ ਦੀ ਗੱਲ ਇਹ ਹੈ ਕਿ ਉਸ ਸਮੇਂ ਉਹ ਪੰਜਾਬ ਤੋਂ ਬਾਹਰ ਸਨ ਅਤੇ ਉਨ੍ਹਾਂ ਨੂੰ ਇਸ ਨੋਟਿਸ ਬਾਰੇ ਜਾਣਕਾਰੀ ਸੋਸ਼ਲ ਮੀਡੀਆ ਰਾਹੀਂ ਮਿਲੀ।
ਉਨ੍ਹਾਂ ਦੁਬਾਰਾ ਦੋਹਰਾਇਆ ਕਿ ਉਹ ਆਪਣੇ ਬਿਆਨਾਂ ‘ਤੇ ਕਾਇਮ ਹਨ ਅਤੇ ਜੇਕਰ ਸਵਾਲਾਂ ਦੇ ਸਪਸ਼ਟ ਜਵਾਬ ਨਾ ਮਿਲੇ ਤਾਂ ਉਹ ਸਾਰੀ ਸੱਚਾਈ ਸੰਗਤ ਅੱਗੇ ਰੱਖਣਗੇ।






















