ਝੋਨੇ ਦੀ ਫ਼ਸਲ ਦਾ ਇਹ ਹਾਲ ਸੀਐਮ ਭਗਵੰਤ ਮਾਨ ਕਰਕੇ ਹੋਇਆ-ਕੈਪਟਨ ਅਮਰਿੰਦਰ ਸਿੰਘ
ਝੋਨੇ ਦੀ ਫ਼ਸਲ ਦਾ ਇਹ ਹਾਲ ਸੀਐਮ ਭਗਵੰਤ ਮਾਨ ਕਰਕੇ ਹੋਇਆ-ਕੈਪਟਨ ਅਮਰਿੰਦਰ ਸਿੰਘ
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਢਾਈ ਸਾਲਾਂ ਬਾਅਦ ਸੂਬੇ ਦੀ ਸਿਆਸਤ ਵਿਚ ਮੁੜ ਸਰਗਰਮ ਹੋ ਗਏ ਹਨ। ਉਹ ਖੰਨਾ ਦੀ ਦਾਣਾ ਮੰਡੀ ਵਿਚ ਝੋਨੇ ਦੀ ਖਰੀਦ ਅਤੇ ਲਿਫਟਿੰਗ ਵਿਚ ਆ ਰਹੀਆਂ ਸਮੱਸਿਆਵਾਂ ਦਾ ਜਾਇਜ਼ਾ ਲੈਣ ਲਈ ਪਹੁੰਚੇ। ਉਨ੍ਹਾਂ ਦੇ ਨਾਲ ਫ਼ਤਿਹਜੰਗ ਬਾਜਵਾ, ਜੈ ਇੰਦਰ ਕੌਰ ਵੀ ਮੌਜੂਦ ਰਹੇ।
ਇਸ ਮੌਕੇ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਹ ਕਿਸਾਨਾਂ, ਮਿੱਲਰਾਂ ਤੇ ਸ਼ੈਲਰ ਮਾਲਕਾਂ ਦੀਆਂ ਸਮੱਸਿਆਵਾਂ ਲੈ ਕੇ ਕੇਂਦਰ ਸਰਕਾਰ ਕੋਲ ਜਾਣਗੇ ਤੇ ਜੋ ਵੀ ਮਸਲਾ ਹੈ ਉਸ ਨੂੰ ਹੱਲ ਕਰਵਾਉਣ ਦੀ ਪੂਰੀ ਕੋਸ਼ਿਸ਼ ਕਰਨਗੇ।ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਨ੍ਹਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਦਾ ਸਮਾਂ ਮੰਗਿਆ ਹੈ। ਪ੍ਰਧਾਨ ਮੰਤਰੀ ਇਸ ਵੇਲੇ ਵਿਦੇਸ਼ ਵਿਚ ਹਨ, ਜਦੋਂ ਉਹ ਵਾਪਸ ਪਰਤਣਗੇ ਤਾਂ ਉਨ੍ਹਾਂ ਨਾਲ ਮੁਲਾਕਾਤ ਕਰ ਕੇ ਸਾਰੀਆਂ ਸਮੱਸਿਆਵਾਂ ਬਾਰੇ ਜਾਣੂੰ ਕਰਵਾਇਆ ਜਾਵੇਗਾ।
ਮੌਜੂਦਾ ਸੀਜ਼ਨ ਦੀਆਂ ਸਮੱਸਿਆਵਾਂ ਬਾਰੇ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਪਹਿਲਾਂ ਹੀ 44 ਹਜ਼ਾਰ ਕਰੋੜ ਰੁਪਏ ਦੇ ਚੁੱਕੀ ਹੈ। ਜੇ ਪੰਜਾਬ ਸਰਕਾਰ ਨੂੰ ਹੋਰ ਪੈਸਿਆਂ ਦੀ ਲੋੜ ਹੈ ਤਾਂ ਅਸੀਂ ਜ਼ਰੂਰ ਕੇਂਦਰ ਕੋਲ ਜਾਵਾਂਗੇ।ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਹ 4 ਦਿਨ ਪਹਿਲਾਂ ਹੀ ਆਪਣੀ ਪੁਰਾਣੀ ਸੱਟ ਦਾ ਇਲਾਜ ਕਰਵਾ ਕੇ ਇੱਥੇ ਆਏ ਹਨ।
ਉਨ੍ਹਾਂ ਕਿਹਾ ਕਿ ਮੈਂ ਉੱਥੇ ਬੈਠੇ ਹੋਏ ਵੀ ਪੰਜਾਬ ਦੇ ਹਾਲਾਤ 'ਤੇ ਨਜ਼ਰ ਰੱਖੀ ਹੋਈ ਸੀ ਤੇ ਇਸੇ ਲਈ ਮੈਂ ਅੱਜ ਇੱਥੇ ਆਇਆ ਹਾਂ। ਇਸ ਮੌਕੇ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਜੇ ਕੇਂਦਰ ਨੇ ਮੇਰੇ ਵੇਲੇ ਪੰਜਾਬ ਨਾਲ ਮਤਰੇਆ ਸਲੂਕ ਨਹੀਂ ਕੀਤਾ ਤਾਂ ਹੁਣ ਕਿਉਂ ਕਰੇਗੀ। ਉਹ ਅਟਲ ਬਿਹਾਰੀ ਵਾਜਪਾਈ ਅਤੇ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨਾਲ ਤਾਲਮੇਲ ਕਰ ਕੇ ਕੰਮ ਕਰਵਾਉਂਦੇ ਰਹੇ ਹਨ।