CM Bhagwant Mann ਨੇ ਦਿੱਤੀ ਪੰਜਾਬੀਆਂ ਨੂੰ ਖੁਸ਼ਖ਼ਬਰੀ
CM Bhagwant Mann ਨੇ ਦਿੱਤੀ ਪੰਜਾਬੀਆਂ ਨੂੰ ਖੁਸ਼ਖ਼ਬਰੀ
ਆਮ ਆਦਮੀ ਪਾਰਟੀ (AAP) ਨੇ ਪੰਜਾਬ ਵਿੱਚ ਅਣ-ਅਧਿਕਾਰਤ ਕਲੋਨੀਆਂ ਦੀ ਰਜਿਸਟਰੀ ਲਈ ਐਨਓਸੀ ਦੀਆਂ ਸ਼ਰਤਾਂ ਨੂੰ ਖਤਮ ਕਰਨ ਦੇ ਪ੍ਰਸਤਾਵ ਨੂੰ ਰਾਜਪਾਲ ਵੱਲੋਂ ਮਨਜ਼ੂਰੀ ਦਿੱਤੇ ਜਾਣ 'ਤੇ ਪੰਜਾਬ ਦੇ ਲੋਕਾਂ ਨੂੰ ਵਧਾਈ ਦਿੱਤੀ ਹੈ ਅਤੇ ਕਿਹਾ ਹੈ ਕਿ ਹੁਣ ਲੋਕਾਂ ਨੂੰ ਰਜਿਸਟਰੀਆਂ ਵਿੱਚ ਮੁਸ਼ਕਲਾਂ ਦਾ ਸਾਹਮਣਾ ਨਹੀਂ ਕਰਨਾ ਪਵੇਗਾ। ਆਪ ਮੰਤਰੀ ਅਮਨ ਅਰੋੜਾ ਨੇ ਪੰਜਾਬ ਸਰਕਾਰ ਦੀ ਤਰਫੋਂ ਇਹ ਜਾਣਕਾਰੀ ਦਿੱਤੀ।
ਅਰੋੜਾ ਨੇ ਕਿਹਾ ਕਿ ਹੁਣ ਉਨ੍ਹਾਂ ਕਲੋਨੀਆਂ ਵਿੱਚ ਰਹਿਣ ਵਾਲੇ ਲੋਕਾਂ ਨੂੰ ਹਰ ਤਰ੍ਹਾਂ ਦੀਆਂ ਬੁਨਿਆਦੀ ਸਰਕਾਰੀ ਸਹੂਲਤਾਂ ਵੀ ਮਿਲ ਸਕਣਗੀਆਂ। ਇਸ ਤੋਂ ਪਹਿਲਾਂ ਅਣਅਧਿਕਾਰਤ ਹੋਣ ਕਾਰਨ ਉਹ ਕਈ ਤਰ੍ਹਾਂ ਦੀਆਂ ਸਰਕਾਰੀ ਸਹੂਲਤਾਂ ਤੋਂ ਵਾਂਝੇ ਸਨ ਅਤੇ ਉਨ੍ਹਾਂ ਦੀਆਂ ਰਜਿਸਟਰੀਆਂ ਵੀ ਨਹੀਂ ਹੋ ਰਹੀਆਂ ਸਨ, ਜਿਸ ਕਾਰਨ ਉਨ੍ਹਾਂ ਨੂੰ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪੈਂਦਾ ਸੀ।
ਉਨ੍ਹਾਂ ਕਿਹਾ ਕਿ ਸਾਡੀ ਸਭ ਤੋਂ ਵੱਡੀ ਚਿੰਤਾ ਇਹ ਹੈ ਕਿ ਆਮ ਲੋਕ ਆਪਣੀ ਸਾਰੀ ਜ਼ਿੰਦਗੀ ਦੀ ਬੱਚਤ ਸ਼ਹਿਰ ਵਿੱਚ ਜ਼ਮੀਨ ਅਤੇ ਮਕਾਨ ਖਰੀਦਣ ਲਈ ਲਗਾ ਦਿੰਦੇ ਹਨ। ਉਨ੍ਹਾਂ ਨੂੰ ਇਨਸਾਫ਼ ਦਿਵਾਉਣਾ ਸਰਕਾਰ ਦਾ ਫਰਜ਼ ਹੈ।
ਇਸ ਦੇ ਲਈ ਪੰਜਾਬ ਸਰਕਾਰ ਨੇ ਇਹ ਬਿੱਲ ‘ਪੰਜਾਬ ਅਪਾਰਟਮੈਂਟ ਐਂਡ ਪ੍ਰਾਪਰਟੀ ਰੈਗੂਲੇਸ਼ਨ (ਸੋਧ) ਐਕਟ-2024’ ਪਿਛਲੇ ਵਿਧਾਨ ਸਭਾ ਸੈਸ਼ਨ ਵਿੱਚ ਲਿਆਂਦਾ ਸੀ, ਜਿਸ ਨੂੰ ਸਰਬਸੰਮਤੀ ਨਾਲ ਪਾਸ ਕਰ ਦਿੱਤਾ ਗਿਆ ਸੀ। ਇਸ ਤੋਂ ਪਹਿਲਾਂ ਇਸ ਮਾਮਲੇ 'ਤੇ ਪੰਜਾਬ ਮੰਤਰੀ ਮੰਡਲ ਦੀ ਵਿਸ਼ੇਸ਼ ਮੀਟਿੰਗ ਵੀ ਹੋਈ ਸੀ, ਜਿਸ 'ਚ ਐਨਓਸੀ ਦੀਆਂ ਸ਼ਰਤਾਂ ਖ਼ਤਮ ਕਰਨ ਦਾ ਫ਼ੈਸਲਾ ਲਿਆ ਗਿਆ ਸੀ।
ਅਰੋੜਾ ਨੇ ਇਸ ਲਈ ਪਿਛਲੀਆਂ ਅਕਾਲੀ ਅਤੇ ਕਾਂਗਰਸ ਸਰਕਾਰਾਂ ਨੂੰ ਜ਼ਿੰਮੇਵਾਰ ਠਹਿਰਾਉਂਦਿਆਂ ਕਿਹਾ ਕਿ ਉਨ੍ਹਾਂ ਦੇ ਸਮੇਂ ਦੌਰਾਨ ਪੰਜਾਬ ਵਿੱਚ 14 ਹਜ਼ਾਰ ਤੋਂ ਵੱਧ ਕਾਲੋਨੀਆਂ ਗੈਰ-ਕਾਨੂੰਨੀ ਢੰਗ ਨਾਲ ਕੱਟੀਆਂ ਗਈਆਂ, ਜਿਸ ਦਾ ਨਤੀਜਾ ਅੱਜ ਲੱਖਾਂ ਲੋਕ ਭੁਗਤ ਰਹੇ ਹਨ।