ਹਰਪਾਲ ਚੀਮਾ ਦੇ ਦਾਅਵਿਆਂ ਦੇ ਬਾਵਜੂਦ PRTC ਦੇ ਮੁਲਾਜ਼ਮਾਂ ਨੂੰ ਅਜੇ ਤੱਕ ਨਹੀਂ ਮਿਲੀ ਅਗਸਤ ਮਹੀਨੇ ਦੀ ਤਨਖ਼ਾਹ
Employees of PRTC: ਪੰਜਾਬ ਦੇ ਵਿੱਤ ਮੰਤਰੀ ਹਰਪਾਲ ਚੀਮਾ ਦੇ ਦਾਅਵਿਆਂ ਦੇ ਬਾਵਜੂਦ PRTC ਦੇ ਮੁਲਾਜ਼ਮਾਂ ਨੂੰ ਅਗਸਤ ਮਹੀਨੇ ਦੀ ਤਨਖ਼ਾਹ ਨਹੀਂ ਮਿਲੀ ਹੈ।8 ਸਤੰਬਰ ਤੱਕ ਵੀ ਪੀ.ਆਰ.ਟੀ.ਸੀ ਦੇ ਮੁਲਾਜ਼ਮਾਂ ਨੂੰ ਤਨਖ਼ਾਹ ਨਾ ਮਿਲਣ ਕਾਰਨ ਮੁਲਾਜ਼ਮ ਕਾਫ਼ੀ ਪ੍ਰੇਸ਼ਾਨ ਹਨ। ਮੁਲਾਜ਼ਮਾਂ ਨੇ ਦੱਸਿਆ ਕਿ ਪਹਿਲਾਂ ਤਾਂ ਤਨਖਾਹ 2 ਤਰੀਕ ਤੱਕ ਆ ਜਾਂਦੀ ਹੈ।ਪਰ ਇਸ ਵਾਰ 8 ਸਤੰਬਰ ਤੱਕ ਵੀ ਉਨ੍ਹਾਂ ਨੂੰ ਤਨਖਾਹ ਨਹੀਂ ਮਿਲੀ ਹੈ। ਮੁਲਾਜ਼ਮਾਂ ਨੇ ਦੱਸਿਆ ਕਿ ਉਨ੍ਹਾਂ ਨੂੰ ਜੁਲਾਈ ਮਹੀਨੇ ਦੀ ਤਨਖਾਹ ਵੀ 29 ਅਗਸਤ ਨੂੰ ਮਿਲੀ ਸੀ। ਉਨ੍ਹਾਂ ਅਨੁਸਾਰ ਤਨਖਾਹ ਨਾ ਮਿਲਣ ਕਾਰਨ ਉਨ੍ਹਾਂ ਨੂੰ ਘਰ ਚਲਾਉਣ 'ਚ ਕਾਫੀ ਮੁਸ਼ਕਲ ਆ ਰਹੀ ਹੈ। ਬਲਬੀਰ ਸਿੰਘ ਅਨੁਸਾਰ ਤਨਖ਼ਾਹਾਂ ਵਿੱਚ ਦੇਰੀ ਦਾ ਮੁੱਖ ਕਾਰਨ ਪੰਜਾਬ ਸਰਕਾਰ ਵੱਲੋਂ ਪੀਆਰਟੀਸੀ ਨੂੰ ਕਰੋੜਾਂ ਰੁਪਏ ਦਾ ਭੁਗਤਾਨ ਕਰਨਾ ਹੈ, ਜਿਸ ਦਾ ਮੁੱਖ ਕਾਰਨ ਸਰਕਾਰ ਵੱਲੋਂ ਔਰਤਾਂ ਨੂੰ ਮੁਫ਼ਤ ਸਫ਼ਰ ਦੇਣਾ ਹੈ। ਪੰਜਾਬ ਸਰਕਾਰ ਦੇ ਮੁਲਾਜ਼ਮਾਂ ਨੂੰ ਵੀ 7 ਸਤੰਬਰ ਨੂੰ ਹੀ ਤਨਖ਼ਾਹ ਮਿਲੀ ਹੈ ਜਦੋਂਕਿ ਇਹ ਮਹੀਨੇ ਦੀ ਪਹਿਲੀ ਤਾਰੀਖ ਨੂੰ ਮਿਲਣੀ ਚਾਹੀਦੀ ਸੀ।