ਪੰਜਾਬ ਸਰਕਾਰ ਨੂੰ ਝਟਕਾ - ਪਰਾਲੀ ਮਾਮਲੇ 'ਚ ਕੇਂਦਰ ਸਰਕਾਰ ਨੇ 'ਮਾਨ ਸਰਕਾਰ' ਦਾ ਪ੍ਰਸਤਾਵ ਠੁਕਰਾਇਆ
ਪੰਜਾਬ ਸਰਕਾਰ ਨੂੰ ਝਟਕਾ - ਪਰਾਲੀ ਮਾਮਲੇ 'ਚ ਕੇਂਦਰ ਸਰਕਾਰ ਨੇ 'ਮਾਨ ਸਰਕਾਰ' ਦਾ ਪ੍ਰਸਤਾਵ ਠੁਕਰਾਇਆ
ਚੰਡੀਗੜ੍ਹ: ਕੇਂਦਰ ਸਰਕਾਰ ਨੇ ਪੰਜਾਬ ਅਤੇ ਦਿੱਲੀ ਸਰਕਾਰ ਦੇ ਉਸ ਪ੍ਰਸਤਾਵ ਨੂੰ ਠੁਕਰਾ ਦਿੱਤਾ ਹੈ, ਜਿਸ ਵਿੱਚ ਕਿਸਾਨਾਂ ਨੂੰ ਪਰਾਲੀ ਸਾੜਨ ਦੀ ਬਜਾਏ 1500 ਰੁਪਏ ਪ੍ਰਤੀ ਏਕੜ ਦੇਣ ਲਈ ਕਿਹਾ ਗਿਆ ਸੀ। ਪੰਜਾਬ ਸਰਕਾਰ ਦੀ ਤਜਵੀਜ਼ ਸੀ ਕਿ ਕੇਂਦਰ ਸਰਕਾਰ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਲਈ 1500 ਰੁਪਏ ਪ੍ਰਤੀ ਏਕੜ ਦੇਵੇ ਅਤੇ ਫਿਰ ਦਿੱਲੀ ਸਰਕਾਰ ਅਤੇ ਪੰਜਾਬ ਸਰਕਾਰ 500-500 ਰੁਪਏ ਦੇਵੇਗੀ ਪਰ ਪੰਜਾਬ ਦੇ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਦੱਸਿਆ ਕਿ ਕੇਂਦਰ ਸਰਕਾਰ ਨੇ ਉਨ੍ਹਾਂ ਦੇ ਪ੍ਰਸਤਾਵ ਨੂੰ ਠੁਕਰਾ ਦਿੱਤਾ ਹੈ।
ਇੱਕ ਨਿੱਜੀ ਨਿਊਜ਼ ਚੈਨਲ ਨਾਲ ਵਿਸ਼ੇਸ਼ ਗੱਲਬਾਤ ਕਰਦੇ ਹੋਏ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਸਾਡੇ ਪ੍ਰਸਤਾਵ ਨੂੰ ਰੱਦ ਕਰ ਦਿੱਤਾ ਹੈ ਪਰ ਸੋਮਵਾਰ ਨੂੰ ਅਸੀਂ ਕੇਂਦਰੀ ਖੇਤੀਬਾੜੀ ਮੰਤਰਾਲੇ ਨਾਲ ਦੁਬਾਰਾ ਗੱਲ ਕਰਾਂਗੇ। ਦੱਸ ਦਈਏ ਕਿ ਪੰਜਾਬ ਸਰਕਾਰ ਦੇ ਇਸ ਪ੍ਰਸਤਾਵ ਨੂੰ ਦਿੱਲੀ ਸਰਕਾਰ ਨੇ ਮੰਨ ਲਿਆ ਸੀ ਪਰ ਕੇਂਦਰ ਸਰਕਾਰ ਇਸ 'ਤੇ ਸਹਿਮਤ ਨਹੀਂ ਹੋਈ ਹੈ। ਮੰਨਿਆ ਜਾ ਰਿਹਾ ਹੈ ਕਿ ਦਿੱਲੀ ਅਤੇ ਪੰਜਾਬ ਸਰਕਾਰਾਂ ਮੁਆਵਜ਼ੇ ਦੀ ਰਕਮ ਵਿੱਚ ਵਾਧਾ ਕਰ ਸਕਦੀਆਂ ਹਨ।
ਦੱਸ ਦੇਈਏ ਕਿ ਹਰ ਸਾਲ ਅਕਤੂਬਰ-ਨਵੰਬਰ ਤੋਂ ਫਰਵਰੀ ਤੱਕ ਦਿੱਲੀ ਅਤੇ ਇਸ ਦੇ ਆਸ-ਪਾਸ ਦੇ ਇਲਾਕਿਆਂ 'ਚ ਹਵਾ ਪ੍ਰਦੂਸ਼ਣ ਬਹੁਤ ਹੁੰਦਾ ਹੈ। ਹਾਲਾਤ ਅਜਿਹੇ ਬਣ ਜਾਂਦੇ ਹਨ ਕਿ ਦਿੱਲੀ ਸਰਕਾਰ ਨੂੰ ਕਈ ਵੱਡੇ ਅਤੇ ਸਖ਼ਤ ਫੈਸਲੇ ਲੈਣੇ ਪੈਂਦੇ ਹਨ। ਉਸ ਸਮੇਂ ਤਾਂ ਇੰਝ ਹੈ ਜਿਵੇਂ ਦਿੱਲੀ ਗੈਸ ਚੈਂਬਰ ਬਣ ਜਾਵੇ ਅਤੇ ਇਸ ਸਭ ਲਈ ਹਰਿਆਣਾ ਅਤੇ ਪੰਜਾਬ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਜ਼ਿੰਮੇਵਾਰ ਮੰਨਿਆ ਜਾਂਦਾ ਹੈ। ਦੋਸ਼ ਹੈ ਕਿ ਪੰਜਾਬ ਅਤੇ ਹਰਿਆਣਾ ਦੇ ਖੇਤਾਂ ਵਿੱਚ ਪਰਾਲੀ ਸਾੜਨਾ ਦਿੱਲੀ-ਐਨਸੀਆਰ ਵਿੱਚ ਹਵਾ ਪ੍ਰਦੂਸ਼ਣ ਦਾ ਸਭ ਤੋਂ ਵੱਡਾ ਕਾਰਨ ਹੈ। ਇਹੀ ਕਾਰਨ ਹੈ ਕਿ ਦਿੱਲੀ ਅਤੇ ਪੰਜਾਬ ਸਰਕਾਰਾਂ ਨੇ ਮਿਲ ਕੇ ਇਸ ਨਾਲ ਨਜਿੱਠਣ ਦਾ ਤਰੀਕਾ ਅਪਣਾਇਆ ਸੀ ਅਤੇ ਮੁਆਵਜ਼ਾ ਦੇਣ ਦੀ ਤਜਵੀਜ਼ ਬਣਾਈ ਸੀ।
ਪ੍ਰਸਤਾਵ ਮੁਤਾਬਕ ਦਿੱਲੀ ਅਤੇ ਪੰਜਾਬ ਸਰਕਾਰਾਂ ਉਥੋਂ ਦੇ ਕਿਸਾਨਾਂ ਨੂੰ 500-500 ਰੁਪਏ ਦੇਣਗੀਆਂ। ਇਸ ਨਾਲ ਹੀ ਕੇਂਦਰ ਸਰਕਾਰ ਤੋਂ 1500 ਰੁਪਏ ਦੇਣ ਦੀ ਮੰਗ ਕੀਤੀ ਗਈ। ਇਸ ਤਰ੍ਹਾਂ ਕਿਸਾਨਾਂ ਨੂੰ 2500 ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਪਰਾਲੀ ਦਾ ਮੁਆਵਜ਼ਾ ਮਿਲੇਗਾ। ਇਸ ਪੈਸੇ ਨਾਲ ਕਿਸਾਨ ਪਰਾਲੀ ਸਾੜਨ ਦੀ ਬਜਾਏ ਹੋਰ ਉਪਾਅ ਕਰਕੇ ਇਸ ਨੂੰ ਖਤਮ ਕਰਨ ਦਾ ਕੰਮ ਕਰਨਗੇ। ਹਾਲਾਂਕਿ ਹੁਣ ਕੇਂਦਰ ਸਰਕਾਰ ਨੇ ਇਸ ਪ੍ਰਸਤਾਵ ਨੂੰ ਠੁਕਰਾ ਦਿੱਤਾ ਹੈ।