ਮੈਂ ਦੋ ਚਿੱਠੀਆਂ ਲਿਖੀਆਂ ਸੀਐਮ ਭਗਵੰਤ ਮਾਨ ਨੂੰ
ਕੇਂਦਰੀ ਖੇਤੀ ਅਤੇ ਪੇਂਡੂ ਵਿਕਾਸ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਮੰਗਲਵਾਰ ਨੂੰ ਲੁਧਿਆਣਾ ਵਿਖੇ ਪਹੁੰਚੇ। ਜ਼ਿਕਰਯੋਗ ਹੈ ਪੰਜਾਬ ਵਿਚ ਆਏ ਹੜ੍ਹਾਂ ਤੋਂ ਬਾਅਦ ਕੇਂਦਰੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਦਾ ਇਹ ਦੂਜਾ ਪੰਜਾਬ ਦੌਰਾ ਹੈ। ਖੇਤੀ ਮੰਤਰੀ ਲਾਡੋਵਾਲ ਸਥਿਤ ਆਈਸੀਏਆਰ ਦੇ ਮੱਕੀ ਖੋਜ ਕੇਂਦਰ ਵਿਖੇ ਪਹੁੰਚੇ ਜਿੱਥੇ ਉਨ੍ਹਾਂ ਅਫ਼ਸਰਾਂ ਨਾਲ ਇਕ ਮੀਟਿੰਗ ਕੀਤੀ ਅਤੇ ਸੰਸਥਾ ਵੱਲੋਂ ਕੀਤੇ ਜਾ ਰਹੇ ਕੰਮਾਂ ਦਾ ਮੁਲਾਂਕਣ ਕੀਤਾ। ਇਸ ਤੋਂ ਬਾਅਦ ਉਨ੍ਹਾਂ ਵੱਲੋਂ ਸੰਸਥਾ ਦੀ ਨਵੀਂ ਬਿਲਡਿੰਗ ਦਾ ਉਦਘਾਟਨ ਵੀ ਕੀਤਾ ਗਿਆ ਅਤੇ ਉਦਘਾਟਨ ਤੋਂ ਪਹਿਲਾਂ ਖੇਤੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਖੁਦ ਵੀ ਮੰਤਰਾਂ ਦਾ ਉਚਾਰਣ ਕੀਤਾ ਅਤੇ ਸਭ ਦਾ ਦਿਲ ਜਿੱਤ ਲਿਆ।
ਇਸ ਮੌਕੇ ਕੇਂਦਰੀ ਮੰਤਰੀ ਚੌਹਾਨ ਨੇ ਪੰਜਾਬ ਦੇ ਹੜ੍ਹ ਪ੍ਰਭਾਵਿਤ ਪਰਿਵਾਰਾਂ ਨੂੰ ਵੱਡੀ ਰਾਹਤ ਦੇਣ ਦਾ ਐਲਾਨ ਕੀਤਾ। ਹੜ੍ਹਾਂ ਦੌਰਾਨ ਨੁਕਸਾਨੇ ਗਏ 36,703 ਘਰਾਂ ਦੇ ਲਈ ਪ੍ਰਤੀ ਘਰ 1.60 ਲੱਖ ਰੁਪਏ ਦੀ ਸਹਾਇਤਾ ਰਾਸ਼ੀ ਸੂਬਾ ਸਰਕਾਰ ਨੂੰ ਸੌਂਪੀ। ਇਹ ਰਾਸ਼ੀ ਪੰਜਾਬ ਦੇ ਖੇਤੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੂੰ ਦਿੱਤੀ ਗਈ। ਉਨ੍ਹਾਂ ਦੱਸਿਆ ਕਿ ਇਹ ਰਕਮ ਤੁਰੰਤ ਜਾਰੀ ਕਰ ਦਿੱਤੀ ਗਈ ਹੈ। ਇਸ ’ਚ 1.20 ਲੱਖ ਰੁਪਏ ਨਵੇਂ ਮਕਾਨ ਦੇ ਨਿਰਮਾਣ ਦੇ ਲਈ ਅਤੇ 40 ਹਜ਼ਾਰ ਰੁਪਏ ਮਜ਼ਦੂਰੀ ਅਤੇ ਟਾਇਲਟ ਨਿਰਮਾਣ ਦੇ ਲਈ ਦਿੱਤੇ ਜਾਣਗੇ। ਕੇਂਦਰੀ ਮੰਤਰੀ ਨੇ ਸਾਫ਼ ਕੀਤਾ ਕਿ ਪੰਜਾਬ ਦੇ ਹੜ੍ਹ ਪੀੜਤਾਂ ਦੀ ਸਹਾਇਤਾ ਲਈ ਕੇਂਦਰ ਸਰਕਾਰ ਸਹਿਯੋਗ ਲਈ ਤਤਪਰ ਹੈ ਅਤੇ ਹੜ੍ਹ ਪੀੜਤਾਂ ਦੀ ਹਰ ਸੰਭਵ ਮਦਦ ਕੀਤੀ ਜਾਵੇਗੀ।





















