Preneet Kaur ਦਾ Bhagwant Mann ਸਰਕਾਰ ਨੂੰ ਅਲਟੀਮੇਟਮ
Protest against Punjab Goverment: ਸਾਬਕਾ ਵਿਦੇਸ਼ ਮੰਤਰੀ ਤੇ ਪਟਿਆਲਾ ਤੋਂ ਲੋਕ ਸਭਾ ਮੈਂਬਰ ਪ੍ਰਨੀਤ ਕੌਰ ਨੇ ਮਹਿਲਾਵਾਂ ਨੂੰ ਇੱਕ ਹਜ਼ਾਰ ਰੁਪਏ ਦੇਣ ਦੇ ਵਾਅਦੇ 'ਤੇ ਪੰਜਾਬ 'ਚ ਆਮ ਆਦਮੀ ਦੀ ਸਰਕਾਰ ਨੂੰ ਇੱਕ ਮਹੀਨੇ ਦਾ ਅਲਟੀਮੇਟਮ ਦਿੱਤਾ ਹੈ। ਉਨ੍ਹਾਂ ਕਿਹਾ ਜੇਕਰ ਮਹੀਨੇ ਅੰਦਰ ਵਾਅਦਾ ਪੂਰਾ ਨਾ ਹੋਇਆ ਤਾਂ ਮਹੀਨੇ ਬਾਅਦ ਵੱਡਾ ਸੰਘਰਸ਼ ਵਿੱਢਿਆ ਜਾਵੇਗਾ। ਲੋਕ ਸਭਾ ਮੈਂਬਰ ਪ੍ਰਨੀਤ ਕੌਰ ਨੇ ਸਰਕਾਰ ਦੀ ਕਾਰਗੁਜ਼ਾਰੀ 'ਤੇ ਸਵਾਲ ਚੁੱਕਦਿਆਂ ਕਿਹਾ ਕੋਈ ਵੀ ਵਾਅਦਾ ਪੂਰਾ ਅਜੇ ਨਹੀਂ ਹੋਇਆ। ਪ੍ਰਨੀਤ ਕੌਰ ਨੇ ਮਹਿਲਾਵਾਂ ਨੂੰ ਹਜ਼ਾਰ ਰੁਪਏ ਨਾ ਦੇਣ ਕਾਰਨ ਪਟਿਆਲਾ ਵਿਚ ਮਾਰਚ ਕੱਢਿਆ ਤੇ ਡੀਸੀ ਨੂੰ ਮੰਗ ਪੱਤਰ ਸੌਂਪਿਆ ਹੈ। ਇਸ ਦੇ ਨਾਲ ਹੀ ਜਲੰਧਰ ਵਿੱਚ ਹੋਏ ਨਰਸ ਦੇ ਕਤਲ 'ਤੇ ਪ੍ਰਨੀਤ ਕੌਰ ਨੇ ਦੁੱਖ ਜ਼ਾਹਿਰ ਕਰਦਿਆਂ ਕਿਹਾ ਪੰਜਾਬ 'ਚ ਲਾਅ ਐਂਡ ਆਰਡਰ ਦੀ ਸਥਿਤੀ ਠੀਕ ਨਹੀਂ ਹੈ। ਦੱਸ ਦੇਈਏ ਕਿ ਆਮ ਆਦਮੀ ਪਾਰਟੀ ਨੇ ਪੰਜਾਬ ਵਿੱਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਆਪ ਦੀ ਸਰਕਾਰ ਬਣਨ 'ਤੇ ਔਰਤਾਂ ਨੂੰ ਇੱਕ ਹਜ਼ਾਰ ਰੁਪਏ ਮਹੀਨਾ ਦੇਣ ਦੀ ਗਰੰਟੀ ਦਿੱਤੀ ਸੀ। 18 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਇਹ ਗਰੰਟੀ ਦੇਣ ਦਾ ਐਲਾਨ ਕੀਤਾ ਗਿਆ ਸੀ। ਹੁਣ ਇਸ ਮਾਮਲੇ 'ਤੇ ਵਿਰੋਧੀ ਪਾਰਟੀਆਂ ਸਰਕਾਰ ਨੂੰ ਘੇਰ ਰਹੀਆਂ ਹਨ।