Shaheed udham singh ਦੇ ਸ਼ਹੀਦੀ ਦਿਹਾੜੇ 'ਤੇ ਸੁਨਾਮ 'ਚ ਰਾਜ ਪੱਧਰੀ ਸਮਾਗਮ,CM Maan ਨੇ ਕੀਤੀ ਸ਼ਿਰਕਤ
Punjab News: ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਮੌਕੇ ਅੱਜ ਪੰਜਾਬ ਦੇ ਸੁਨਾਮ 'ਚ ਰਾਜ ਪੱਧਰੀ ਸਮਾਗਮ ਕਰਵਾਇਆ ਜਾ ਰਿਹਾ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸ਼ਹੀਦ ਦੇ ਬੁੱਤ 'ਤੇ ਸ਼ਰਧਾ ਦੇ ਫੁੱਲ ਭੇਂਟ ਕੀਤੇ ਜਾਣਗੇ। ਇਸ ਮੌਕੇ ਕੈਬਨਿਟ ਮੰਤਰੀ ਅਮਨ ਅਰੋੜਾ, ਹਰਪਾਲ ਚੀਮਾ ਅਤੇ 'ਆਪ' ਲੀਡਰਸ਼ਿਪ ਵੀ ਮੌਜੂਦ ਰਹੇਗੀ।
ਸੂਚਨਾ ਤੇ ਲੋਕ ਸੰਪਰਕ, ਨਵੀਂ ਤੇ ਨਵਿਆਉਣਯੋਗ ਊਰਜਾ ਅਤੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਅਮਨ ਅਰੋੜਾ ਵੱਲੋਂ ਬੀਤੇ ਦਿਨ ਸ਼ਹੀਦੀ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ।
ਕੈਬਨਿਟ ਮੰਤਰੀ ਨੇ ਦੱਸਿਆ ਕਿ ਮਹਾਨ ਕ੍ਰਾਂਤੀਕਾਰੀ ਸ਼ਹੀਦ ਨੂੰ ਸਤਿਕਾਰ ਭੇਂਟ ਕਰਨ ਲਈ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਉਨ੍ਹਾਂ ਦੇ ਜੱਦੀ ਸ਼ਹਿਰ ਸੁਨਾਮ ਊਧਮ ਸਿੰਘ ਵਾਲਾ ‘ਚ ਅਹਿਮ ਪ੍ਰੋਜੈਕਟ ਦਾ ਨੀਂਹ ਪੱਥਰ ਵੀ ਰੱਖਿਆ ਜਾਵੇਗਾ।
ਕੈਬਨਿਟ ਮੰਤਰੀ ਨੇ ਕਿਹਾ ਕਿ ਦੇਸ਼ ਨੂੰ ਗੁਲਾਮੀ ਤੋਂ ਆਜ਼ਾਦੀ ਦਵਾਉਣ ਲਈ ਆਪਣੀਆਂ ਜਾਨਾਂ ਤੇ ਜਵਾਨੀਆਂ ਵਾਰਨ ਵਾਲੇ ਆਜ਼ਾਦੀ ਘੁਲ਼ਾਟੀਆਂ ਦਾ ਪੰਜਾਬ ਸਰਕਾਰ ਪੂਰਾ ਸਤਿਕਾਰ ਕਰਦੀ ਹੈ ਅਤੇ ਇਸੇ ਲਈ ਇਸ ਸਮਾਗਮ ਨੂੰ ਵੱਡੇ ਪੱਧਰ ‘ਤੇ ਮਨਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਇਹ ਸਮਾਗਮ ਸੁਨਾਮ ਸ਼ਹਿਰ ਦੀ ਦਾਣਾ ਮੰਡੀ ‘ਚ ਮਨਾਇਆ ਜਾਣਾ ਸੀ ਪਰ ਖ਼ਰਾਬ ਮੌਸਮ ਦੇ ਮੱਦਨਜ਼ਰ ਹੁਣ ਪਟਿਆਲਾ ਰੋਡ ‘ਤੇ ਸਥਿਤ ਨਿਊ ਮਹਾਰਾਜਾ ਮੱਲ੍ਹੀ ਪੈਲੇਸ ‘ਚ ਮਨਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਲਈ ਸਾਰੇ ਪ੍ਰਬੰਧ ਮੁਕੰਮਲ ਕਰਵਾਉਣ ਲਈ ਪ੍ਰਸ਼ਾਸਨ ਪੂਰੀ ਤਨਦੇਹੀ ਨਾਲ ਕੰਮ ਕਰ ਰਿਹਾ ਹੈ।
ਅਮਨ ਅਰੋੜਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਸੰਜੀਦਗੀ ਨਾਲ ਪੰਜਾਬ ਦੀ ਖ਼ੁਸ਼ਹਾਲੀ ਤੇ ਤਰੱਕੀ ਲਈ ਗਤੀਵਿਧੀਆਂ ਉਲੀਕ ਰਹੇ ਹਨ ਜਿਨ੍ਹਾਂ ਨੂੰ ਲੋਕਾਂ ਤੇ ਪ੍ਰਸ਼ਾਸਨ ਦੇ ਸਹਿਯੋਗ ਨਾਲ ਜ਼ਮੀਨੀ ਪੱਧਰ ‘ਤੇ ਲਾਗੂ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਪੰਜਾਬ ‘ਚ ਬਦਲਾਅ ਦੀ ਰਾਜਨੀਤੀ ਨੂੰ ਮੁੱਖ ਰੱਖ ਕੇ ਸੱਤਾ ‘ਚ ਆਈ ਹੈ ਅਤੇ ਸੂਬੇ ‘ਚ ਸਾਰਥਕ ਤਬਦੀਲੀਆਂ ਲੈ ਕੇ ਆਉਣਾ ਹੀ ਸਰਕਾਰ ਦੀ ਮੁੱਖ ਤਰਜੀਹ ਹੈ।