ਰਾਜਾ ਵੜਿੰਗ ਤੇ ਸੁਖਜਿੰਦਰ ਰੰਧਾਵਾ ਨੂੰ ਸਰਕਾਰੀ ਘਰ ਖਾਲੀ ਕਰਨ ਦੇ ਹੁਕਮ,
ਕਾਂਗਰਸ ਦੇ ਸੀਨੀਅਰ ਲੀਡਰਾਂ ਤੇ ਸੰਸਦ ਮੈਂਬਰਾਂ ਅਮਰਿੰਦਰ ਸਿੰਘ ਰਾਜਾ ਵੜਿੰਗ ਤੇ ਸੁਖਜਿੰਦਰ ਸਿੰਘ ਰੰਧਾਵਾ ਨੂੰ ਸਰਕਾਰੀ ਘਰ ਖਾਲੀ ਕਰਨੇ ਪੈਣਗੇ। ਪੰਜਾਬ ਵਿਧਾਨ ਸਭਾ ਨੇ ਦੋਵੇਂ ਲੀਡਰਾਂ ਨੂੰ ਹੁਕਮ ਜਾਰੀ ਕਰ ਦਿੱਤੇ ਹਨ। ਦੋਵੇਂ ਲੀਡਰਾਂ ਨੇ ਲੋਕ ਸਭਾ ਚੋਣਾਂ ਜਿੱਤਣ ਮਗਰੋਂ ਵਿਧਾਇਕ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ। ਇਸ ਲਈ ਉਨ੍ਹਾਂ ਨੂੰ ਵਿਧਾਇਕ ਵਜੋਂ ਮਿਲੇ ਘਰ ਖਾਲੀ ਕਰਨੇ ਪੈਣਗੇ।
ਪੰਜਾਬ ਵਿਧਾਨ ਸਭਾ ਨੇ ਨਵੇਂ ਚੁਣੇ ਸੰਸਦ ਮੈਂਬਰਾਂ ਅਮਰਿੰਦਰ ਸਿੰਘ ਰਾਜਾ ਵੜਿੰਗ ਤੇ ਸੁਖਜਿੰਦਰ ਸਿੰਘ ਰੰਧਾਵਾ ਨੂੰ ਵਿਧਾਇਕਾਂ ਵਜੋਂ ਦਿੱਤੀਆਂ ਗਈਆਂ ਰਿਹਾਇਸ਼ਾਂ ਖਾਲੀ ਕਰਨ ਦੇ ਹੁਕਮ ਜਾਰੀ ਕੀਤੇ ਹਨ। ਨਿਯਮਾਂ ਮੁਤਾਬਕ ਉਨ੍ਹਾਂ ਨੂੰ 20 ਜੂਨ ਨੂੰ 15 ਦਿਨਾਂ ਦੇ ਅੰਦਰ-ਅੰਦਰ ਘਰ ਖਾਲੀ ਕਰਨ ਦੇ ਹੁਕਮ ਜਾਰੀ ਕੀਤੇ ਗਏ ਸਨ। ਹਾਲਾਂਕਿ, ਤੈਅ ਸਮੇਂ ਤੋਂ ਬਾਅਦ ਵੀ ਉਹ ਕੁਝ ਸਮੇਂ ਲਈ ਘਰ ਰੱਖ ਸਕਦੇ ਹਨ ਪਰ ਇਸ ਦੌਰਾਨ ਉਨ੍ਹਾਂ ਨੂੰ ਵਾਜਬ ਕਿਰਾਇਆ ਅਦਾ ਕਰਨਾ ਹੋਵੇਗਾ।






















