ਪੰਥਕ ਧਿਰਾਂ ਬੋਲੀਆਂ ਹੁਣ ਤਾਂ ਹੱਦ ਹੀ ਹੋ ਗਈ
ਪੰਥਕ ਧਿਰਾਂ ਬੋਲੀਆਂ ਹੁਣ ਤਾਂ ਹੱਦ ਹੀ ਹੋ ਗਈ
ਸ਼੍ਰੋਮਣੀ ਅਕਾਲੀ ਦਲ ਦੇ ਬਾਗੀ ਧੜੇ ਨਾਲ ਸਬੰਧਤ ਗੁਰਪ੍ਰਤਾਪ ਸਿੰਘ ਵਡਾਲਾ ਨੇ ਆਖਿਆ ਕਿ ਸ੍ਰੀ ਅਕਾਲ ਤਖਤ ਸਾਹਿਬ ਦੀ ਫਸੀਲ ਤੋਂ ਜਾਰੀ ਕੀਤੇ ਗਏ ਆਦੇਸ਼ ਨੂੰ ਸ਼੍ਰੋਮਣੀ ਅਕਾਲੀ ਦਲ ਵੱਲੋਂ ਇੱਕ ਵਾਰ ਮੁੜ ਅਣਡਿੱਠ ਕੀਤੇ ਜਾਣ ਕਾਰਨ ਨਿਰਾਸ਼ਾ ਹੋਈ ਹੈ। ਸ਼੍ਰੋਮਣੀ ਅਕਾਲੀ ਦਲ ਵੱਲੋਂ ਇਸ ਮਾਮਲੇ ਵਿੱਚ ਆਪਣੇ ਤੌਰ ’ਤੇ ਬਣਾਈ ਗਈ ਸਮਾਨੰਤਰ ਕਮੇਟੀ ਨੂੰ ਲੈ ਕੇ ਦੁਬਿਧਾ ਵਾਲੀ ਸਥਿਤੀ ਹੈ।
ਉਨ੍ਹਾਂ ਨੇ ਕਿਹਾ ਕਿ ਸ਼੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਵੱਲੋਂ ਇਸ ਮਾਮਲੇ ਵਿੱਚ ਸੱਤ ਮੈਂਬਰੀ ਕਮੇਟੀ ਬਣਾਈ ਗਈ ਸੀ ਤੇ ਉਨ੍ਹਾਂ ਮੁੜ ਆਖਿਆ ਹੈ ਕਿ ਇਸ ਕਮੇਟੀ ਦੀ ਹੋਂਦ ਕਾਇਮ ਹੈ ਤੇ ਇਹ ਕਮੇਟੀ ਕਾਰਜਸ਼ੀਲ ਹੈ। ਉਹ ਇਸ ਮਾਮਲੇ ਵਿੱਚ ਸਪਸ਼ਟਤਾ ਲਈ ਜਲਦੀ ਹੀ ਸ੍ਰੀ ਅਕਾਲ ਤਖਤ ਦੇ ਜਥੇਦਾਰ ਨੂੰ ਮਿਲਣਗੇ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਲੀਡਰਸ਼ਿਪ ਇਸ ਮਾਮਲੇ ਵਿੱਚ ਬੇਲੋੜੇ ਤੇ ਬੇਅਰਥ ਤਰਕ ਦੇ ਕੇ ਲੋਕਾਂ ਨੂੰ ਗੁਮਰਾਹ ਕਰ ਰਹੀ ਹੈ।
ਉਧਰ, ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਪੰਜਾਬ ਦੇ ਚੇਅਰਮੈਨ ਮਨਜੀਤ ਸਿੰਘ ਭੋਮਾ ਨੇ ਵੀ ਦੋਸ਼ ਲਾਇਆ ਹੈ ਕਿ ਅਕਾਲੀ ਦਲ ਦੀ ਲੀਡਰਸ਼ਿਪ ਸ਼੍ਰੀ ਅਕਾਲ ਤਖਤ ਸਾਹਿਬ ਦੇ ਆਦੇਸ਼ ਨੂੰ ਇੰਨ ਬਿੰਨ ਲਾਗੂ ਕਰਨ ਤੋਂ ਭੱਜ ਰਹੀ ਹੈ। ਨਿਯਮਾਂ ਅਨੁਸਾਰ ਸੱਤ ਮੈਂਬਰੀ ਕਮੇਟੀ ਹੀ ਅਕਾਲੀ ਦਲ ਦੇ ਡੈਲੀਗੇਟ ਦੀ ਭਰਤੀ ਕਰ ਸਕਦੀ ਹੈ ਪਰ ਅਕਾਲੀ ਲੀਡਰਸ਼ਿਪ ਨੇ ਇਸ ਸਬੰਧੀ ਆਪਣੇ ਲੀਡਰਾਂ ਦੀਆਂ ਡਿਊਟੀਆਂ ਲਾ ਦਿੱਤੀਆਂ ਹਨ।




















