12 ਸਤੰਬਰ ਤੋਂ ‘Bandi Singhs’ ਦੀ ਰਿਹਾਈ ਦੀ ਮੰਗ ਨੂੰ ਲੈ ਕੇ SGPC ਵੱਲੋਂ ਸੰਘਰਸ਼ ਕੀਤਾ ਜਾਵੇਗਾ ਤੇਜ਼
Bandi Singhs: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਸਿੱਖ ਜਥੇਬੰਦੀਆਂ ਅਤੇ ਪੰਥ ਦਰਦੀਆਂ ਦੇ ਸਹਿਯੋਗ ਨਾਲ ਇਕ ਵਿਸ਼ਾਲ ਜਨਤਕ ਲਹਿਰ ਬਣਾਉਣ ਦਾ ਫੈਸਲਾ ਕੀਤਾ ਹੈ। ਇਸ ਸਬੰਧੀ ਆਰੰਭੇ ਜਾਣ ਵਾਲੇ ਸੰਘਰਸ਼ ਦੀ ਸ਼ੁਰੂਆਤ 12 ਸਤੰਬਰ ਤੋਂ ਕੀਤੀ ਜਾਵੇਗੀ। ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਸਥਿਤ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਸ਼੍ਰੋਮਣੀ ਕਮੇਟੀ ਦੇ ਸਮੂਹ ਮੈਂਬਰਾਂ ਦੀ ਅੱਜ ਹੋਈ ਇਕੱਤਰਤਾ ਵਿਚ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਅਹਿਮ ਮਤੇ ਪਾਸ ਕੀਤੇ ਗਏ, ਜਿਸ ਤਹਿਤ ਸੰਘਰਸ਼ ਅੱਗੇ ਵਧਾਇਆ ਜਾਵੇਗਾ। ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਪ੍ਰਧਾਨਗੀ ’ਚ ਹੋਏ ਇਸ ਪੰਥਕ ਇਕੱਠ ਵਿਚ ਵੱਖ-ਵੱਖ ਬੁਲਾਰਿਆਂ ਨੇ ਬੰਦੀ ਸਿੰਘਾਂ ਦੇ ਮੁੱਦੇ ਸਬੰਧੀ ਸਰਕਾਰਾਂ ਦੀ ਉਦਾਸੀਨਤਾ ’ਤੇ ਗਹਿਰੀ ਚਿੰਤਾ ਪ੍ਰਗਟ ਕੀਤੀ ਅਤੇ ਭਵਿੱਖ ਵਿਚ ਲੋਕ ਲਹਿਰ ਸਿਰਜਣ ਦਾ ਸੁਝਾਅ ਦਿੱਤਾ।






















