ਸ਼੍ਰੋਮਣੀ ਅਕਾਲੀ ਦਲ ਨੂੰ ਮੁੜ ਲੱਗ ਸਕਦਾ ਝਟਕਾ !
ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸ਼੍ਰੋਮਣੀ ਅਕਾਲੀ ਦਲ ਨੂੰ ਮੁੜ ਝਟਕਾ ਲੱਗ ਸਕਦਾ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਬਣਾਈ ਗਈ ਕਮੇਟੀ ਨੂੰ ਅੱਖੋਂ ਓਹਲੇ ਕਰਕੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਵਿੱਢੀ ਭਰਤੀ ਮੁਹਿੰਮ ਨੂੰ ਬ੍ਰੇਕ ਲੱਗ ਸਕਦੀ ਹੈ। ਇਸ ਸਬੰਧੀ ਸ਼ਿਕਾਇਤਾਂ ਮਿਲਣ ਮਗਰੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ 28 ਜਨਵਰੀ ਨੂੰ ਸੱਦ ਲਈ ਹੈ। ਇਹ ਇਕੱਤਰਤਾ 28 ਜਨਵਰੀ ਮੰਗਲਵਾਰ ਨੂੰ ਸਵੇਰੇ 11 ਵਜੇ ਸ੍ਰੀ ਅਕਾਲ ਤਖ਼ਤ ਵਿਖੇ ਹੋਵੇਗੀ। ਮੀਟਿੰਗ ਦੇ ਏਜੰਡੇ ਬਾਰੇ ਭਾਵੇਂ ਖੁਲਾਸਾ ਨਹੀਂ ਕੀਤਾ ਗਿਆ, ਪਰ ਚਰਚਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੀ ਭਰਤੀ ਸਬੰਧੀ ਵਿਵਾਦ ਦਾ ਮੁੱਦਾ ਵਿਚਾਰਿਆ ਜਾਵੇਗਾ। ਇਸ ਮਾਮਲੇ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਨਾਰਾਜ਼ ਧਿਰ ਦੇ ਆਗੂ ਗੁਰਪ੍ਰਤਾਪ ਸਿੰਘ ਵਡਾਲਾ ਤੇ ਹੋਰ ਆਗੂ ਕਈ ਵਾਰ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਮਿਲ ਚੁੱਕੇ ਹਨ ਤੇ ਪੱਤਰ ਵੀ ਦੇ ਚੁੱਕੇ ਹਨ। ਉਨ੍ਹਾਂ ਦੀ ਮੰਗ ਹੈ ਕਿ ਦੋ ਦਸੰਬਰ ਦੀ ਪੰਜ ਸਿੰਘ ਸਾਹਿਬਾਨ ਦੀ ਮੀਟਿੰਗ ਦੇ ਫੈਸਲਿਆਂ ਨੂੰ ਮੁਕੰਮਲ ਤੌਰ ’ਤੇ ਲਾਗੂ ਕੀਤਾ ਜਾਵੇ, ਜਿਸ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਭਰਤੀ ਦੀ ਨਿਗਰਾਨੀ ਸਬੰਧੀ ਇੱਕ ਸੱਤ ਮੈਂਬਰੀ ਕਮੇਟੀ ਦਾ ਗਠਨ ਕੀਤਾ ਗਿਆ ਸੀ। ਉਨ੍ਹਾਂ ਦਾ ਦੋਸ਼ ਹੈ ਕਿ ਇਸ ਫ਼ੈਸਲੇ ਨੂੰ ਅਣਦੇਖਿਆ ਕਰ ਕੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਪਾਰਟੀ ਦੀ ਭਰਤੀ ਮੁਹਿੰਮ 20 ਜਨਵਰੀ ਤੋਂ ਸ਼ੁਰੂ ਕਰ ਦਿੱਤੀ ਗਈ ਹੈ। ਇਸੇ ਮਾਮਲੇ ਨੂੰ ਲੈ ਕੇ ਨਰਾਜ਼ ਧੜੇ ਨਾਲ ਸਬੰਧਤ ਸ਼੍ਰੋਮਣੀ ਕਮੇਟੀ ਦੇ ਮੈਂਬਰਾਂ ਦਾ ਇੱਕ ਵਫਦ ਵੀ ਜਥੇਦਾਰ ਨੂੰ ਮਿਲਣ ਵਾਸਤੇ ਆਇਆ ਸੀ ਤੇ ਇੱਕ ਪੱਤਰ ਸੌਂਪ ਕੇ ਗਿਆ ਸੀ। ਇਸ ਪੱਤਰ ਵਿੱਚ ਵੀ ਸ਼੍ਰੋਮਣੀ ਅਕਾਲੀ ਦਲ ਉਤੇ ਸ੍ਰੀ ਅਕਾਲ ਤਖ਼ਤ ਦੇ ਹੁਕਮਨਾਮੇ ਨੂੰ ਅਣਦੇਖਿਆ ਕਰਨ ਦਾ ਦੋਸ਼ ਲਾਇਆ ਗਿਆ ਹੈ। ਇਸ ਤੋਂ ਇਲਾਵਾ ਕੁਝ ਹੋਰ ਵੀ ਗੰਭੀਰ ਦੋਸ਼ ਲਾਏ ਗਏ ਹਨ ਤੇ ਇਸ ਮਾਮਲੇ ਵਿੱਚ ਸੁਖਬੀਰ ਬਾਦਲ ਸਮੇਤ ਹੋਰਨਾਂ ਖਿਲਾਫ ਕਾਰਵਾਈ ਦੀ ਅਪੀਲ ਕੀਤੀ ਗਈ ਹੈ। ਬੀਤੇ ਦਿਨ ਸਿੱਖ ਜਥੇਬੰਦੀਆਂ ਪੰਥਕ ਅਸੈਂਬਲੀ ਤੇ ਪੰਥਕ ਤਾਲਮੇਲ ਸੰਗਠਨ ਨੇ ਵੀ ਸ੍ਰੀ ਅਕਾਲ ਤਖ਼ਤ ਦੇ ਸਕੱਤਰੇਤ ਵਿਖੇ ਪੱਤਰ ਦੇ ਕੇ ਮੰਗ ਕੀਤੀ ਸੀ ਕਿ ਸ਼੍ਰੋਮਣੀ ਅਕਾਲੀ ਦਲ ਦੀ ਭਰਤੀ ਸਬੰਧੀ ਅਕਾਲ ਤਖ਼ਤ ਦੇ ਹੁਕਮਨਾਮੇ ਤੇ ਅਮਲ ਸਬੰਧੀ ਰਿਪੋਰਟ ਨੂੰ ਸਿੱਖ ਸੰਗਤ ਵਿੱਚ ਜਨਤਕ ਕੀਤਾ ਜਾਵੇ। ਇਹ ਵੀ ਚਰਚਾ ਹੈ ਕਿ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਵਿਦੇਸ਼ ਦੌਰੇ ’ਤੇ ਜਾਣਾ ਸੀ ਪਰ ਚੱਲ ਰਹੇ ਇਸ ਵਿਵਾਦ ਕਾਰਨ ਉਨ੍ਹਾਂ ਆਪਣਾ ਦੌਰਾ ਰੱਦ ਕਰ ਦਿੱਤਾ ਹੈ ਤੇ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਸੱਦੀ ਹੈ। ਜਥੇਦਾਰ ਗਿਆਨੀ ਰਘਬੀਰ ਸਿੰਘ ਇਸ ਮਾਮਲੇ ਵਿੱਚ ਮੀਡੀਆ ਕੋਲ ਸਪਸ਼ਟ ਵੀ ਕਰ ਚੁੱਕੇ ਹਨ ਕਿ ਸ੍ਰੀ ਅਕਾਲ ਤਖ਼ਤ ਤੋਂ ਜਾਰੀ ਕੀਤੇ ਗਏ ਹੁਕਮਨਾਮੇ ਨੂੰ ਇੰਨ-ਬਿੰਨ ਲਾਗੂ ਕੀਤਾ ਜਾਵੇ, ਫ਼ਸੀਲ ਤੋਂ ਬਣਾਈ ਗਈ ਸ਼੍ਰੋਮਣੀ ਅਕਾਲੀ ਦਲ ਦੀ ਭਰਤੀ ਸਬੰਧੀ ਸੱਤ ਮੈਂਬਰੀ ਕਮੇਟੀ ਦੀ ਹੋਂਦ ਕਾਇਮ ਹੈ ਤੇ ਉਸ ਨੂੰ ਕਾਰਜਸ਼ੀਲ ਹੋਣਾ ਚਾਹੀਦਾ ਹੈ।




















