US Deport: ਕੀ ਡਿਪੋਰਟ ਹੋਏ ਪੰਜਾਬੀਆਂ ਨੂੰ ਮਿਲੇਗਾ ਇਨਸਾਫ਼? abp sanjha |
US Deport: ਕੀ ਡਿਪੋਰਟ ਹੋਏ ਪੰਜਾਬੀਆਂ ਨੂੰ ਮਿਲੇਗਾ ਇਨਸਾਫ਼? abp sanjha | Report: Ashraph Dhuddy Chandigarh: ਪੰਜਾਬ ਪੁਲੀਸ ਨੇ ਨੌਜਵਾਨਾਂ ਨੂੰ ਵਿਦੇਸ਼ ਭੇਜਣ ਦੇ ਨਾਂ ’ਤੇ ਧੋਖਾਧੜੀ ਕਰਨ ਵਾਲੇ ਗੈਰਕਾਨੂੰਨੀ ਟਰੈਵਲ ਏਜੰਟਾਂ ਵਿਰੁੱਧ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪੁਲੀਸ ਨੇ ਗੈਰਕਾਨੂੰਨੀ ਟਰੈਵਲ ਏਜੰਟਾਂ ਅਤੇ ਮਨੁੱਖੀ ਤਸਕਰੀ ਕਰਨ ਵਾਲਿਆਂ ਵਿਰੁੱਧ ਕਾਰਵਾਈ ਕਰਦਿਆਂ ਅੱਠ ਟਰੈਵਲ ਏਜੰਟਾਂ ਵਿਰੁੱਧ ਕੇਸ ਦਰਜ ਕੀਤੇ ਹਨ। ਇਹ ਕੇਸ ਅਮਰੀਕਾ ਤੋਂ ਡਿਪੋਰਟ ਕੀਤੇ ਨੌਜਵਾਨਾਂ ਦੇ ਬਿਆਨ ਦਰਜ ਕਰਨ ਤੋਂ ਬਾਅਦ ਕੀਤੇ ਗਏ ਹਨ। ਇਸ ਸਬੰਧੀ ਦੋ ਕੇਸ ਜ਼ਿਲ੍ਹਾ ਪੁਲੀਸ ਜਦੋਂਕਿ ਛੇ ਕੇਸ ਐੱਨਆਰਆਈ ਵਿੰਗ ਨੇ ਦਰਜ ਕੀਤੇ ਹਨ। ਅਮਰੀਕਾ ਵੱਲੋਂ ਭਾਰਤੀ ਨੌਜਵਾਨਾਂ ਨੂੰ ਪਿਛਲੇ ਦਿਨੀਂ ਡਿਪੋਰਟ ਕਰਕੇ ਭਾਰਤ ਭੇਜਿਆ ਗਿਆ ਸੀ। ਇਸ ਤੋਂ ਬਾਅਦ ਪੰਜਾਬ ਪੁਲੀਸ ਨੇ ਗੈਰਕਾਨੂੰਨੀ ਪਰਵਾਸ ਤੇ ਮਨੁੱਖੀ ਤਸਕਰੀ ਦੀ ਜਾਂਚ ਲਈ ਚਾਰ ਮੈਂਬਰੀ ਸਿਟ ਕਾਇਮ ਕੀਤੀ ਸੀ। ਇਹ ਸਿਟ ਏਡੀਜੀਪੀ ਐਨਆਰਆਈ ਮਾਮਲਿਆਂ ਪ੍ਰਵੀਨ ਸਿਨਹਾ ਦੀ ਅਗਵਾਈ ਹੇਠ ਬਣਾਈ ਗਈ ਹੈ, ਜਿਸ ਵਿੱਚ ਏਡੀਜੀਪੀ ਅੰਦਰੂਨੀ ਸੁਰੱਖਿਆ ਸ਼ਿਵ ਕੁਮਾਰ ਵਰਮਾ, ਆਈਜੀਪੀ (ਪ੍ਰੋਵਿਜ਼ਨਿੰਗ) ਡਾ. ਐਸ ਭੂਪਤੀ ਤੇ ਡੀਆਈਜੀ ਬਾਰਡਰ ਰੇਂਜ ਸਤਿੰਦਰ ਸਿੰਘ ਸ਼ਾਮਲ ਹਨ। ਪੰਜਾਬ ਦੇ ਸੀਨੀਅਰ ਪੁਲੀਸ ਅਧਿਕਾਰੀਆਂ ਨੇ ਅਮਰੀਕਾ ਤੋਂ ਡਿਪੋਰਟ ਕੀਤੇ ਗਏ ਨੌਜਵਾਨਾਂ ਦੇ ਨਾਲ ਨਿੱਜੀ ਤੌਰ ’ਤੇ ਮੁਲਾਕਾਤ ਕੀਤੀ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣ ਕੇ ਨਿਆਂ ਦਾ ਭਰੋਸਾ ਦਿੱਤਾ। ਪੁਲੀਸ ਨੇ ਉਕਤ ਨੌਜਵਾਨਾਂ ਦੇ ਬਿਆਨ ਦਰਜ ਕਰਕੇ ਅੱਠ ਕੇਸ ਦਰਜ ਕੀਤੇ ਜਦੋਂ ਕਿ ਹੋਰਨਾਂ ਨੌਜਵਾਨਾਂ ਦੇ ਬਿਆਨ ਦਰਜ ਕਰਕੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।

















