ਪੰਜਾਬ ਵਿੱਚ ਹਾਲੀਆ ਮੀਂਹ ਅਤੇ ਗੜੇਮਾਰੀ ਕਾਰਨ ਫਸਲਾਂ ਨੂੰ ਹੋਏ ਨੁਕਸਾਨ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੱਡੇ ਐਲਾਨ ਕੀਤੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਵਿਸ਼ੇਸ਼ ਗਿਰਦਾਵਰੀ ਕਰਵਾ ਕੇ ਕਿਸਾਨਾਂ ਦੇ ਨੁਕਸਾਨ ਦਾ ਅੰਦਾਜ਼ਾ ਲਗਾਇਆ ਜਾਵੇਗਾ ਅਤੇ ਬਣਦੀ ਮੁਆਵਜ਼ਾ ਰਾਸ਼ੀ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਸਰਕਾਰ ਸਾਰੀ ਸਥਿਤੀ ‘ਤੇ ਨਜ਼ਰ ਰੱਖ ਰਹੀ ਹੈ ਅਤੇ ਕਿਸਾਨਾਂ ਨੂੰ ਕਿਸੇ ਤਰ੍ਹਾਂ ਦੀ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ। ਇਸਦੇ ਨਾਲ ਹੀ ਸੀਐਮ ਮਾਨ ਨੇ ਬੇਅਦਬੀ ਮਾਮਲਿਆਂ ‘ਤੇ ਬਣ ਰਹੇ ਨਵੇਂ ਕਾਨੂੰਨ ਬਾਰੇ ਵੀ ਗੱਲ ਕੀਤੀ। ਉਨ੍ਹਾਂ ਕਿਹਾ ਕਿ ਇਹ ਕਾਨੂੰਨ ਸਪੈਸ਼ਲ ਸੈਸ਼ਨ ਵਿੱਚ ਪਾਸ ਕਰਕੇ ਤੁਰੰਤ ਲਾਗੂ ਕੀਤਾ ਜਾਵੇਗਾ ਅਤੇ ਇਸ ਲਈ ਰਾਸ਼ਟਰਪਤੀ ਦੀ ਮਨਜ਼ੂਰੀ ਦੀ ਲੋੜ ਨਹੀਂ ਹੋਵੇਗੀ। ਜੇ ਐਸਜੀਪੀਸੀ ਵੱਲੋਂ ਕੋਈ ਸੁਝਾਅ ਆਉਂਦੇ ਹਨ ਤਾਂ ਉਨ੍ਹਾਂ ਦਾ ਵੀ ਸਵਾਗਤ ਕੀਤਾ ਜਾਵੇਗਾ। ਬਿਜਲੀ ਮਸਲੇ ‘ਤੇ ਗੱਲ ਕਰਦੇ ਹੋਏ ਉਨ੍ਹਾਂ ਕਿਹਾ ਕਿ ਸਰਕਾਰ ਨੇ ਆਪਣੀ ਕੋਇਲਾ ਖਾਨ ਚਾਲੂ ਕਰਕੇ ਵੱਡੀ ਬਚਤ ਕੀਤੀ ਹੈ। ਇਸ ਨਾਲ ਬਿਜਲੀ ਬੋਰਡ ਨੂੰ ਨੁਕਸਾਨ ਤੋਂ ਬਚਾਇਆ ਗਿਆ ਅਤੇ ਲੋਕਾਂ ਨੂੰ ਮੁਫ਼ਤ ਬਿਜਲੀ ਮੁਹੱਈਆ ਕਰਵਾਈ ਗਈ ਹੈ।