ਪੰਜਾਬ ਦੇ ਕਈ ਇਲਾਕਿਆਂ ਚੋਂ ਕਣਕ ਵਿੱਚ ਤਣੇ ਦੀ ਗੁਲਾਬੀ ਸੁੰਡੀ ਦੇ ਹਮਲੇ ਦੀਆਂ ਖ਼ਬਰਾਂ ਸਾਹਮਣੇ ਆਈਆਂ ਹਨ। ਇਸ ਤੋਂ ਬਾਅਦ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਦੀਆਂ ਟੀਮਾਂ ਨੇ ਪੰਜਾਬ ਦੇ ਕੁਝ ਜ਼ਿਲ੍ਹਿਆਂ ਵਿੱਚ ਗਈਆਂ ਹਨ। ਹਮਲੇ ਤੋਂ ਪ੍ਰਭਾਵਿਤ ਕਣਕ ਦੀ ਫਸਲ ਦਾ ਸਰਵੇਖਣ ਕੀਤਾ ਅਤੇ ਕਿਸਾਨਾਂ ਨੂੰ ਇਸ ਤੋਂ ਸੁਚੇਤ ਰਹਿਣ ਦੀ ਸਲਾਹ ਦਿੱਤੀ। ਤਣੇ ਦੀ ਗੁਲਾਬੀ ਸੁੰਡੀ ਮੂਲ ਰੂਪ ਵਿੱਚ ਝੋਨੇ ਦੀ ਫਸਲ ਦਾ ਕੀੜਾ ਹੈ ਪਰ ਪਿਛਲੇ ਕੁੱਝ ਸਮੇਂ ਤੋਂ ਇਹ ਕੀੜਾ ਕਣਕ ਦੀ ਫ਼ਸਲ 'ਤੇ ਵੀ ਦੇਖਣ ਨੂੰ ਮਿਲ ਰਿਹਾ ਹੈ। ਆਮ ਤੌਰ ‘ਤੇ ਇਹ ਸਤੰਬਰ-ਅਕਤੂਬਰ ਦੇ ਮਹੀਨਿਆਂ ਵਿੱਚ ਝੋਨੇ ਤੇ ਪਿਛੇਤੀ ਬੀਜੀ ਮੱਕੀ ਦੀਆਂ ਫਸਲਾਂ ਨੂੰ ਨੁਕਸਾਨ ਪਹੁੰਚਾਉਂਦਾ ਹੈ ਪਰ ਹੁਣ ਇਹ ਕਣਕ ਦੀ ਫਸਲ ਨੂੰ ਵੀ ਨੁਕਸਾਨ ਪਹੁੰਚਾ ਰਿਹਾ ਹੈ। ਮਾਹਰਾਂ ਮੁਤਾਬਕ, ਤਣੇ ਦੀ ਗੁਲਾਬੀ ਸੁੰਡੀ ਜ਼ਿਆਦਾਤਰ ਅਗੇਤੀ ਬੀਜੀ ਕਣਕ ਦੀ ਫਸਲ ‘ਤੇ ਹਮਲਾ ਕਰਦੀ ਹੈ। ਇਸ ਦੀਆਂ ਸੁੰਡੀਆਂ ਕਣਕ ਦੇ ਛੋਟੇ ਬੂਟਿਆਂ ਦੇ ਤਣਿਆਂ ਵਿੱਚ ਮੋਰੀਆਂ ਕਰਕੇ ਅੰਦਰ ਚਲੀਆਂ ਜਾਂਦੀਆ ਹਨ ਤੇ ਅੰਦਰਲਾ ਮਾਦਾ ਖਾਂਦੀਆਂ ਹਨ ਜਿਸ ਨਾਲ ਬੂਟੇ ਪੀਲੇ ਪੈ ਜਾਂਦੇ ਹਨ ਅਤੇ ਅਖੀਰ ਵਿੱਚ ਮਰ ਜਾਂਦੇ ਹਨ।