ਕੇਂਦਰ ਸ਼ਾਸਿਤ ਪ੍ਰਦੇਸ਼ ਲਕਸ਼ਦੀਪ 'ਚ ਕੇਂਦਰ ਸਰਕਾਰ ਨੇ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਚ ਇਕ ਵਾਰ 'ਚ ਵੱਡੀ ਕਟੌਤੀ ਕੀਤੀ ਹੈ।



ਸਰਕਾਰ ਨੇ ਲਕਸ਼ਦੀਪ 'ਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਚ 15 ਰੁਪਏ ਦੀ ਕਟੌਤੀ ਕੀਤੀ ਹੈ।



ਲਕਸ਼ਦੀਪ ਦੇ ਐਂਡਰੋਟ ਅਤੇ ਕਲਪੇਨੀ ਦੀਪ ਸਮੂਹ ਵਿੱਚ ਕੀਮਤਾਂ 15.3 ਰੁਪਏ ਪ੍ਰਤੀ ਲੀਟਰ ਅਤੇ ਕਾਵਰੱਤੀ ਅਤੇ ਮਿਨੀਕੋਏ ਵਿੱਚ 5.2 ਰੁਪਏ ਪ੍ਰਤੀ ਲੀਟਰ ਘਟਾਈਆਂ ਗਈਆਂ ਹਨ।



ਕੇਂਦਰੀ ਪੈਟਰੋਲੀਅਮ ਮੰਤਰੀ ਹਰਦੀਪ ਸਿੰਘ ਪੁਰੀ ਨੇ ਇਹ ਜਾਣਕਾਰੀ ਦਿੱਤੀ ਹੈ।



ਸਰਕਾਰ ਨੇ ਅਜਿਹੇ ਸਮੇਂ 'ਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਚ ਕਟੌਤੀ ਕੀਤੀ ਹੈ ਜਦੋਂ ਲੋਕ ਸਭਾ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਜਲਦੀ ਹੀ ਹੋਣ ਵਾਲਾ ਹੈ।



ਤਰੀਕਾਂ ਦੇ ਐਲਾਨ ਦੇ ਨਾਲ ਹੀ ਦੇਸ਼ ਵਿੱਚ ਆਦਰਸ਼ ਚੋਣ ਜ਼ਾਬਤਾ ਲਾਗੂ ਹੋ ਜਾਵੇਗਾ।



ਇਸ ਤੋਂ ਕੁਝ ਸਮਾਂ ਪਹਿਲਾਂ ਹੀ ਸਰਕਾਰ ਨੇ ਈਂਧਨ ਦੀਆਂ ਕੀਮਤਾਂ 'ਚ ਕਟੌਤੀ ਦਾ ਐਲਾਨ ਕੀਤਾ ਹੈ।



ਲੋਕ ਸਭਾ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਸ਼ਨੀਵਾਰ (16 ਮਾਰਚ) ਨੂੰ ਬਾਅਦ ਦੁਪਹਿਰ 3 ਵਜੇ ਕੀਤਾ ਜਾ ਰਿਹਾ ਹੈ।



ਸਰਕਾਰ ਨੇ ਸ਼ੁੱਕਰਵਾਰ (15 ਮਾਰਚ) ਨੂੰ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਦੋ ਰੁਪਏ ਦੀ ਕਟੌਤੀ ਕੀਤੀ ਸੀ।



ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਨੇ ਸੋਸ਼ਲ ਮੀਡੀਆ ਪਲੇਟਫਾਰਮ X 'ਤੇ ਕੇਂਦਰ ਸ਼ਾਸਿਤ ਪ੍ਰਦੇਸ਼ 'ਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਚ ਕਟੌਤੀ ਦਾ ਐਲਾਨ ਕੀਤਾ ਹੈ।