ਕੇਂਦਰ ਦੀ ਮੋਦੀ ਸਰਕਾਰ ਨੇ ਸਰਕਾਰੀ ਮੁਲਾਜ਼ਮਾਂ ਨੂੰ ਵੱਡਾ ਤੋਹਫਾ ਦਿੱਤਾ ਹੈ। ਨਵੀਂ ਪੈਨਸ਼ਨ ਸਕੀਮ ਵਿੱਚ ਸੁਧਾਰਾਂ ਦੀ ਮੰਗ ਨੂੰ ਧਿਆਨ ਵਿੱਚ ਰੱਖਦੇ ਹੋਏ ਸਰਕਾਰ ਨੇ UPS ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਸ ਦਾ ਉਦੇਸ਼ ਸਰਕਾਰੀ ਕਰਮਚਾਰੀਆਂ ਨੂੰ ਯਕੀਨੀ ਪੈਨਸ਼ਨ, ਪਰਿਵਾਰਕ ਪੈਨਸ਼ਨ ਅਤੇ ਯਕੀਨੀ ਘੱਟੋ-ਘੱਟ ਪੈਨਸ਼ਨ ਪ੍ਰਦਾਨ ਕਰਨਾ ਹੈ। ਕੇਂਦਰੀ ਕੈਬਨਿਟ ਦੀ ਬ੍ਰੀਫਿੰਗ ਦੀ ਜਾਣਕਾਰੀ ਦਿੰਦੇ ਹੋਏ ਕੇਂਦਰੀ ਸੂਚਨਾ ਅਤੇ ਪ੍ਰਸਾਰਣ ਮੰਤਰੀ ਅਸ਼ਵਨੀ ਵੈਸ਼ਨਵ ਨੇ ਦੱਸਿਆ ਕਿ ਕੈਬਨਿਟ ਬੈਠਕ 'ਚ ਕਈ ਅਹਿਮ ਫੈਸਲੇ ਲਏ ਗਏ ਹਨ। ਜਿਸ ਵਿੱਚ ਯੂਨੀਫਾਈਡ ਪੈਨਸ਼ਨ ਸਕੀਮ ਦਾ ਐਲਾਨ ਵੀ ਸ਼ਾਮਲ ਹੈ। ਇਹ ਸਕੀਮ ਨੌਕਰੀ ਤੋਂ ਬਾਅਦ ਮਿਲਣ ਵਾਲੀ ਪੈਨਸ਼ਨ ਨੂੰ ਧਿਆਨ ਵਿੱਚ ਰੱਖਦਿਆਂ ਸ਼ੁਰੂ ਕੀਤੀ ਜਾ ਰਹੀ ਹੈ। ਸਰਕਾਰ ਦੁਆਰਾ ਐਲਾਨੀ ਗਈ ਪੈਨਸ਼ਨ ਸਕੀਮ 1 ਅਪ੍ਰੈਲ, 2025 ਤੋਂ ਲਾਗੂ ਹੋਵੇਗੀ। ਇਸ ਤਹਿਤ 10 ਸਾਲ ਤੱਕ ਸਰਕਾਰੀ ਨੌਕਰੀ ਕਰਨ ਵਾਲੇ ਨੂੰ 10,000 ਰੁਪਏ ਦੀ ਪੈਨਸ਼ਨ ਮਿਲੇਗੀ। 25 ਸਾਲ ਤੋਂ ਕੰਮ ਕਰਨ ਵਾਲਿਆਂ ਨੂੰ ਪੂਰੀ ਪੈਨਸ਼ਨ ਦਿੱਤੀ ਜਾਵੇਗੀ। ਇਸ ਦੇ ਨਾਲ ਹੀ ਜੇਕਰ ਕਿਸੇ ਕਰਮਚਾਰੀ ਦੀ ਨੌਕਰੀ ਦੌਰਾਨ ਮੌਤ ਹੋ ਜਾਂਦੀ ਹੈ ਤਾਂ ਉਸ ਦੀ ਪਤਨੀ ਨੂੰ 60 ਫੀਸਦੀ ਪੈਨਸ਼ਨ ਦਿੱਤੀ ਜਾਵੇਗੀ। ਇਸ ਨਾਲ 23 ਲੱਖ ਕੇਂਦਰੀ ਕਰਮਚਾਰੀਆਂ ਨੂੰ ਫਾਇਦਾ ਹੋਵੇਗਾ। ਉਨ੍ਹਾਂ ਕਿਹਾ ਕਿ ਮੁਲਾਜ਼ਮਾਂ ਨੂੰ ਯੋਗਦਾਨ ਪਾਉਣ ਦੀ ਲੋੜ ਨਹੀਂ ਪਵੇਗੀ, ਸਰਕਾਰ ਮੁਲਾਜ਼ਮਾਂ ਦੀ ਮੁੱਢਲੀ ਤਨਖਾਹ ਦਾ 18.5 ਫੀਸਦੀ ਯੋਗਦਾਨ ਦੇਵੇਗੀ। ਨਵੀਂ ਪੈਨਸ਼ਨ ਸਕੀਮ 'ਚ ਕਰਮਚਾਰੀ ਨੂੰ ਆਪਣੀ ਮੂਲ ਤਨਖਾਹ ਦਾ 10% ਯੋਗਦਾਨ ਦੇਣਾ ਪੈਂਦਾ ਹੈ। ਸਰਕਾਰ 14% ਦਿੰਦੀ ਹੈ।