Student Visa in American : ਭਾਰਤ ਵਰਗੇ ਦੇਸ਼ਾਂ ਤੋਂ ਪ੍ਰਾਪਤ ਵੀਜ਼ਾ ਅਰਜ਼ੀਆਂ ਦੇ ਨਿਪਟਾਰੇ ਵਿਚ ਦੇਰੀ ਨੂੰ ਲੈ ਕੇ ਵਧ ਰਹੀਆਂ ਚਿੰਤਾਵਾਂ 'ਤੇ ਅਮਰੀਕਾ ਦੇ ਵਿਦੇਸ਼ ਵਿਭਾਗ ਨੇ ਵੱਡਾ ਬਿਆਨ ਦਿੱਤਾ ਹੈ। ਵਿਭਾਗ ਦਾ ਕਹਿਣਾ ਹੈ ਕਿ ਵੀਜ਼ਾ ਸਬੰਧੀ ਪ੍ਰਕਿਰਿਆਵਾਂ ਨੂੰ ਤੇਜ਼ੀ ਨਾਲ ਪੂਰਾ ਕੀਤਾ ਜਾ ਰਿਹਾ ਹੈ। ਉਮੀਦ ਕੀਤੀ ਜਾ ਰਹੀ ਹੈ ਕਿ ਵਿੱਤੀ ਸਾਲ 2023 'ਚ ਇਹ ਅੰਕੜਾ ਕੋਰੋਨਾ ਮਹਾਮਾਰੀ ਤੋਂ ਪਹਿਲਾਂ ਵਾਲੀ ਸਥਿਤੀ ਵਿਚ ਪਹੁੰਚ ਸਕਦਾ ਹੈ। ਵਿਦੇਸ਼ ਵਿਭਾਗ ਨੇ ਕਿਹਾ ਹੈ ਕਿ ਉਹ ਰਾਸ਼ਟਰੀ ਸੁਰੱਖਿਆ ਨੂੰ ਧਿਆਨ 'ਚ ਰੱਖਦੇ ਹੋਏ ਅਮਰੀਕਾ ਦੀ ਯਾਤਰਾ ਨੂੰ ਸਹੂਲਤਜਨਕ ਬਣਾਉਣ ਲਈ ਵਚਨਬੱਧ ਹੈ। ਵਿਭਾਗ ਵੱਲੋਂ ਜਾਰੀ ਇਕ ਰੀਲੀਜ਼ ਵਿਚ ਕਿਹਾ ਗਿਆ ਹੈ ਕਿ ਵਿਦੇਸ਼ ਵਿਭਾਗ ਦੁਨੀਆ ਭਰ ਵਿੱਚ ਵੀਜ਼ਾ ਇੰਟਰਵਿਊ ਲਈ ਉਡੀਕ ਸਮੇਂ ਨੂੰ ਸਫਲਤਾਪੂਰਵਕ ਘਟਾ ਰਿਹਾ ਹੈ। ਅਸੀਂ ਇਸ ਮਹੱਤਵਪੂਰਨ ਕੰਮ ਲਈ ਅਮਰੀਕੀ ਵਿਦੇਸ਼ ਸੇਵਾ ਕਰਮਚਾਰੀਆਂ ਦੀ ਭਰਤੀ ਨੂੰ ਦੁੱਗਣਾ ਕਰ ਦਿੱਤਾ ਹੈ। ਵੀਜ਼ਾ ਪ੍ਰਕਿਰਿਆ ਨੂੰ ਪੂਰਾ ਕਰਨ ਦਾ ਕੰਮ ਉਮੀਦ ਨਾਲੋਂ ਤੇਜ਼ੀ ਨਾਲ ਚੱਲ ਰਿਹਾ ਹੈ ਅਤੇ ਵਿੱਤੀ ਸਾਲ 2023 ਵਿਚ ਅਸੀਂ ਕੋਰੋਨਾ ਮਹਾਮਾਰੀ ਤੋਂ ਪਹਿਲਾਂ ਵਾਲੇ ਪੱਧਰ 'ਤੇ ਪਹੁੰਚ ਸਕਦੇ ਹਾਂ। ਵਿਦੇਸ਼ ਵਿਭਾਗ ਨੇ ਕਹੀ ਇਹ ਗੱਲ : ਵੀਜ਼ਾ ਪ੍ਰੋਸੈਸਿੰਗ ਵਿੱਚ ਦੇਰੀ ਦੇ ਕਾਰਨ ਦਾ ਹਵਾਲਾ ਦਿੰਦੇ ਹੋਏ ਵਿਦੇਸ਼ ਵਿਭਾਗ ਨੇ ਕਿਹਾ ਕਿ ਅਮਰੀਕੀ ਵੀਜ਼ਾ ਲਈ ਬਹੁਤ ਸਾਰੇ ਬਿਨੈਕਾਰਾਂ ਨੂੰ ਦੇਸ਼ ਦੇ ਕਾਨੂੰਨ ਅਨੁਸਾਰ ਵਿਅਕਤੀਗਤ ਤੌਰ 'ਤੇ ਪੇਸ਼ ਹੋਣਾ ਜ਼ਰੂਰੀ ਹੈ। ਹਾਲਾਂਕਿ, ਸਾਡੇ ਵਿਦੇਸ਼ੀ ਕੌਂਸਲੇਟਾਂ ਵਰਗੇ ਸਥਾਨਾਂ 'ਤੇ ਸਥਾਨਕ ਮਹਾਂਮਾਰੀ-ਸਬੰਧਤ ਪਾਬੰਦੀਆਂ ਨੇ ਵੀਜ਼ਾ ਅਰਜ਼ੀਆਂ ਦੀ ਪ੍ਰਕਿਰਿਆ ਕਰਨ ਦੀ ਸਾਡੀ ਯੋਗਤਾ ਨੂੰ ਸੀਮਤ ਕਰ ਦਿੱਤਾ ਹੈ।