ਪੰਜਾਬ ਦੇ ਪਾਣੀਆਂ ਤੋਂ ਬਾਅਦ ਹਰਿਆਣਾ ਨੇ ਹੁਣ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਉੱਪਰ ਦਾਅਵਾ ਠੋਕ ਦਿੱਤਾ ਹੈ। ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਉਪਰ ਵੀ ਹੱਕ ਜਤਾਇਆ ਹੈ। ਖੱਟਰ ਨੇ ਹਰਿਆਣਾ ਦੇ ਕਾਲਜਾਂ ਨੂੰ ਵੀ ਪੰਜਾਬ ਯੂਨੀਵਰਸਿਟੀ ਤੋਂ ਮਾਨਤਾ ਦੇਣ ਦੀ ਗੱਲ ਕਹੀ ਹੈ। ਦੂਜੇ ਪਾਸੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੀ ਵਿਰਾਸਤ ਹੈ, ਜਿਸ ’ਚ ਕਿਸੇ ਵੀ ਤਰ੍ਹਾਂ ਦਾ ਬਦਲਾਅ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਸੰਸਥਾ ਦੀ ਇਤਿਹਾਸਕ, ਸੱਭਿਆਚਾਰਕ ਤੇ ਸੂਬਾਈ ਅਹਿਮੀਅਤ ਦੇ ਮੱਦੇਨਜ਼ਰ ਪੰਜਾਬ ਦੇ ਲੋਕਾਂ ਨਾਲ ਇਸ ਦੀ ਦਿਲੀ ਤੇ ਜਜ਼ਬਾਤੀ ਸਾਂਝ ਹੈ। ਯੂਨੀਵਰਸਿਟੀ ਪੰਜਾਬ ਦੇ ਵਿਰਸੇ ਦਾ ਪ੍ਰਤੀਕ ਹੈ ਤੇ ਇਹ ਪੰਜਾਬ ਦੇ ਨਾਮ ਦੀ ਸਮਾਨਅਰਥੀ ਵੀ ਹੈ। ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਨੂੰ ਗ੍ਰਾਂਟਾਂ ਜਾਰੀ ਕਰਨ ਦੇ ਮੁੱਦੇ ’ਤੇ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਦੀ ਅਗਵਾਈ ਹੇਠ ਹੋਈ ਮੀਟਿੰਗ ਦੌਰਾਨ ਹਰਿਆਣਾ ਨੇ ਯੂਨੀਵਰਸਿਟੀ ’ਚ ਬਣਦੀ ਹਿੱਸੇਦਾਰੀ ਦੇਣ ਦੀ ਮੰਗ ਕੀਤੀ। ਚੰਡੀਗੜ੍ਹ ਦੇ ਸੈਕਟਰ-9 ਸਥਿਤ ਯੂਟੀ ਸਕੱਤਰੇਤ ਵਿੱਚ ਹੋਈ ਮੀਟਿੰਗ ਦੌਰਾਨ ਖੱਟਰ ਨੇ ਹਰਿਆਣਾ ਦੇ ਕਾਲਜਾਂ ਨੂੰ ਵੀ ਪੰਜਾਬ ਯੂਨੀਵਰਸਿਟੀ ਤੋਂ ਮਾਨਤਾ ਦੇਣ ਦੀ ਗੱਲ ਕੀਤੀ। ਉਂਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਯੂਨੀਵਰਸਿਟੀ ’ਤੇ ਸੂਬੇ ਦੇ ਹੱਕ ਬਾਰੇ ਡਟ ਕੇ ਆਪਣਾ ਪੱਖ ਰੱਖਿਆ। ਮੀਟਿੰਗ ’ਚ ਕੋਈ ਸਿੱਟਾ ਨਾ ਨਿਕਲਣ ’ਤੇ ਪੰਜਾਬ ਦੇ ਰਾਜਪਾਲ ਤੇ ਯੂਟੀ ਦੇ ਪ੍ਰਸ਼ਾਸਕ ਨੇ ਦੋਵੇਂ ਸੂਬਿਆਂ ਦੇ ਮੁੱਖ ਮੰਤਰੀਆਂ ਵਿਚਕਾਰ 5 ਜੂਨ ਨੂੰ ਸਵੇਰੇ 10 ਵਜੇ ਮੁੜ ਮੀਟਿੰਗ ਸੱਦੀ ਹੈ।