ਓਡੀਸ਼ਾ ਦੇ ਬਾਲਾਸੋਰ 'ਚ ਹੋਏ ਰੇਲ ਹਾਦਸੇ 'ਚ ਹੁਣ ਤੱਕ 288 ਲੋਕਾਂ ਦੀ ਮੌਤ ਹੋ ਚੁੱਕੀ ਹੈ, ਜਦਕਿ 900 ਤੋਂ ਜ਼ਿਆਦਾ ਲੋਕ ਜ਼ਖਮੀ ਹੋਏ ਹਨ। ਇਸ ਹਾਦਸੇ ਤੋਂ ਬਾਅਦ ਮਲਬਾ ਹਟਾਉਣ ਦਾ ਕੰਮ ਜ਼ੋਰਾਂ 'ਤੇ ਚੱਲ ਰਿਹਾ ਹੈ।



ਅਧਿਕਾਰੀਆਂ ਨੇ ਦੱਸਿਆ ਕਿ ਪਟੜੀਆਂ ਨੂੰ ਜੋੜਨ ਦਾ ਕੰਮ ਵੀ ਕੀਤਾ ਜਾ ਰਿਹਾ ਹੈ ਅਤੇ ਜਲਦੀ ਹੀ ਇਸ ਨੂੰ ਪੂਰਾ ਕਰ ਲਿਆ ਜਾਵੇਗਾ।



ਨਿਊਜ਼ ਏਜੰਸੀ ਏਐਨਆਈ ਨੂੰ ਦਿੱਤੇ ਬਿਆਨ ਵਿੱਚ, ਦੱਖਣ ਪੂਰਬੀ ਰੇਲਵੇ ਦੇ ਮੁੱਖ ਲੋਕ ਸੰਪਰਕ ਅਧਿਕਾਰੀ (ਸੀਪੀਆਰਓ) ਆਦਿਤਿਆ ਕੁਮਾਰ ਚੌਧਰੀ ਨੇ ਕਿਹਾ, ਪਲਟੀਆਂ ਬੋਗੀਆਂ ਨੂੰ ਹਟਾ ਦਿੱਤਾ ਗਿਆ ਹੈ ਅਤੇ



ਮਾਲ ਗੱਡੀ ਦੀਆਂ ਦੋ ਬੋਗੀਆਂ ਨੂੰ ਵੀ ਟਰੈਕ ਤੋਂ ਹਟਾ ਦਿੱਤਾ ਗਿਆ ਹੈ। ਟ੍ਰੈਕ ਨੂੰ ਜੋੜਨ ਦਾ ਕੰਮ ਵੀ ਤੇਜ਼ੀ ਨਾਲ ਚੱਲ ਰਿਹਾ ਹੈ ਜੋ ਜਲਦੀ ਹੀ ਮੁਕੰਮਲ ਹੋ ਜਾਵੇਗਾ।



ਅਧਿਕਾਰੀਆਂ ਨੇ ਦੱਸਿਆ ਕਿ ਸ਼ੁੱਕਰਵਾਰ ਦੇ ਹਾਦਸੇ ਕਾਰਨ ਪ੍ਰਭਾਵਿਤ ਯਾਤਰੀਆਂ ਨੂੰ ਲੈ ਕੇ ਐਤਵਾਰ ਤੜਕੇ ਬਾਲਾਸੋਰ ਤੋਂ ਇਕ ਵਿਸ਼ੇਸ਼ ਰੇਲਗੱਡੀ ਚੇਨਈ ਪਹੁੰਚੀ।



ਤਾਮਿਲਨਾਡੂ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਮਾ ਸੁਬਰਾਮਨੀਅਨ ਨੇ ਕਿਹਾ ਕਿ ਯਾਤਰੀਆਂ ਦੇ ਇਲਾਜ ਲਈ ਸਾਰੇ ਵੱਡੇ ਸਰਕਾਰੀ ਹਸਪਤਾਲਾਂ ਵਿੱਚ ਵਿਸ਼ੇਸ਼ ਮੈਡੀਕਲ ਪ੍ਰਬੰਧ ਕੀਤੇ ਗਏ ਹਨ।



ਮਾ ਸੁਬਰਾਮਣੀਅਨ ਨੇ ਕਿਹਾ, “ਮੁਸਾਫਰਾਂ ਦੇ ਇਲਾਜ ਲਈ ਸਾਰੇ ਵੱਡੇ ਸਰਕਾਰੀ ਹਸਪਤਾਲਾਂ ਵਿੱਚ 305 ਡਾਕਟਰਾਂ ਦੇ ਨਾਲ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ।



ਚੇਨਈ ਦੇ ਛੇ ਵੱਡੇ ਸਰਕਾਰੀ ਹਸਪਤਾਲਾਂ ਵਿੱਚ 207 ਆਈਸੀਯੂ ਅਤੇ 250 ਬਿਸਤਰਿਆਂ ਦੀ ਵਿਵਸਥਾ ਕੀਤੀ ਗਈ ਸੀ। ਹਵਾਈ ਅੱਡੇ 'ਤੇ ਯਾਤਰੀਆਂ ਦੀ ਜਾਂਚ ਲਈ ਮੈਡੀਕਲ ਟੀਮ ਵੀ ਰੱਖੀ ਗਈ ਹੈ।



ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ਨੀਵਾਰ (3 ਜੂਨ) ਨੂੰ ਓਡੀਸ਼ਾ ਰੇਲ ਹਾਦਸੇ ਵਾਲੀ ਥਾਂ ਦਾ ਮੁਆਇਨਾ ਕੀਤਾ ਸੀ।



ਇਸ ਦੌਰਾਨ ਉਨ੍ਹਾਂ ਹਸਪਤਾਲ ਵਿੱਚ ਪੀੜਤਾਂ ਨਾਲ ਮੁਲਾਕਾਤ ਵੀ ਕੀਤੀ ਅਤੇ ਇਹ ਵੀ ਕਿਹਾ ਕਿ ਮਾਮਲੇ ਵਿੱਚ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਪ੍ਰਧਾਨ ਮੰਤਰੀ ਨੇ ਇਹ ਵੀ ਕਿਹਾ ਸੀ ਕਿ ਸਰਕਾਰ ਸਾਰੇ ਜ਼ਖਮੀਆਂ ਨੂੰ ਉਨ੍ਹਾਂ ਦੇ ਇਲਾਜ ਲਈ ਪੂਰਾ ਸਹਿਯੋਗ ਦੇਵੇਗੀ।



ਹਾਦਸੇ ਦਾ ਕਾਰਨ ਦੱਸਦੇ ਹੋਏ ਅਸ਼ਵਨੀ ਵੈਸ਼ਨਵ ਨੇ ਕਿਹਾ ਕਿ ਇਹ ਹਾਦਸਾ ਇੰਟਰਲਾਕਿੰਗ 'ਚ ਬਦਲਾਅ ਕਾਰਨ ਵਾਪਰਿਆ ਹੈ ਅਤੇ ਜ਼ਿੰਮੇਵਾਰ ਲੋਕਾਂ ਦੀ ਪਛਾਣ ਵੀ ਕਰ ਲਈ ਗਈ ਹੈ।



ਕੇਂਦਰੀ ਮੰਤਰੀ ਧਰਮਿੰਦਰ ਪ੍ਰਧਾਨ ਨੇ ਕਿਹਾ, NDRF, ODRF ਅਤੇ ਰੇਲਵੇ ਦੀਆਂ ਟੀਮਾਂ ਨੇ ਮ੍ਰਿਤਕਾਂ ਦੀ ਪਛਾਣ ਕਰਨ ਅਤੇ ਪਟੜੀਆਂ ਦੀ ਮੁਰੰਮਤ ਲਈ ਪੂਰੀ ਰਾਤ (3 ਜੂਨ) ਕੰਮ ਕੀਤਾ ਹੈ।