ਪੰਜਾਬ ਦੇ ਭਾਜਪਾ ਆਗੂ ਰਵਨੀਤ ਸਿੰਘ ਬਿੱਟੂ ਨੇ ਰਾਜ ਮੰਤਰੀ ਵਜੋਂ ਸਹੁੰ ਚੁੱਕੀ। ਕਾਂਗਰਸ ਤੋਂ ਭਾਜਪਾ ਵਿੱਚ ਸ਼ਾਮਲ ਹੋਏ ਰਵਨੀਤ ਸਿੰਘ ਬਿੱਟੂ ਲੋਕ ਸਭਾ ਚੋਣਾਂ ਵਿੱਚ ਹਾਰ ਗਏ ਸਨ, ਫਿਰ ਵੀ ਉਨ੍ਹਾਂ ਨੂੰ ਮੰਤਰੀ ਮੰਡਲ ਵਿੱਚ ਸ਼ਾਮਲ ਕੀਤਾ ਗਿਆ ਹੈ। ਲੋਕ ਸਭਾ ਚੋਣ ਨਤੀਜਿਆਂ ਤੋਂ ਬਾਅਦ 18ਵੀਂ ਲੋਕ ਸਭਾ ਦਾ ਗਠਨ ਹੋ ਗਿਆ ਹੈ। ਨਰਿੰਦਰ ਮੋਦੀ ਨੇ ਤੀਜੀ ਵਾਰ ਪ੍ਰਧਾਨ ਮੰਤਰੀ ਵਜੋਂ ਸਹੁੰ ਚੁੱਕੀ। ਇਸ ਦੇ ਨਾਲ ਹੀ ਸੰਸਦ ਮੈਂਬਰਾਂ ਨੇ ਵੀ ਮੰਤਰੀ ਵਜੋਂ ਸਹੁੰ ਚੁੱਕੀ। ਮੰਤਰੀ ਵਜੋਂ ਸਹੁੰ ਚੁੱਕਣ ਵਾਲੇ ਸੰਸਦ ਮੈਂਬਰਾਂ ਵਿੱਚ ਰਵਨੀਤ ਸਿੰਘ ਬਿੱਟੂ ਦਾ ਨਾਂ ਵੀ ਸ਼ਾਮਲ ਹੈ, ਜੋ ਪੰਜਾਬ ਤੋਂ ਸਿੱਖ ਚਿਹਰੇ ਵਜੋਂ ਮੋਦੀ ਸਰਕਾਰ ਦਾ ਹਿੱਸਾ ਹੋਣਗੇ। ਲੋਕ ਸਭਾ ਚੋਣਾਂ ਵਿੱਚ ਭਾਵੇਂ ਬਿੱਟੂ ਲੁਧਿਆਣਾ ਤੋਂ ਹਾਰ ਗਏ ਸਨ ਪਰ ਉਨ੍ਹਾਂ ਨੂੰ ਕੇਂਦਰੀ ਮੰਤਰੀ ਬਣਾ ਦਿੱਤਾ ਗਿਆ ਸੀ। ਤਿੰਨ ਵਾਰ ਕਾਂਗਰਸ ਦੇ ਸੰਸਦ ਮੈਂਬਰ ਰਹੇ ਰਵਨੀਤ ਸਿੰਘ ਬਿੱਟੂ ਪਹਿਲੀ ਵਾਰ 2009 ਵਿੱਚ ਆਨੰਦਪੁਰ ਸਾਹਿਬ ਤੋਂ ਲੋਕ ਸਭਾ ਲਈ ਚੁਣੇ ਗਏ ਸਨ। ਇਸ ਤੋਂ ਬਾਅਦ ਉਹ 2014 ਅਤੇ 2019 ਵਿੱਚ ਲੁਧਿਆਣਾ ਤੋਂ ਜਿੱਤੇ। ਹਾਲ ਹੀ ਵਿੱਚ ਹੋਈਆਂ ਲੋਕ ਸਭਾ ਚੋਣਾਂ ਤੋਂ ਪਹਿਲਾਂ, ਉਹ ਭਾਜਪਾ ਵਿੱਚ ਸ਼ਾਮਲ ਹੋ ਗਏ ਸਨ ਪਰ ਇਸ ਵਾਰ ਦੀਆਂ ਲੋਕ ਸਭਾ ਚੋਣਾਂ ਦੇ ਵਿੱਚ ਉਹ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਤੋਂ ਲਗਭਗ 20 ਹਜ਼ਾਰ ਵੋਟਾਂ ਨਾਲ ਹਾਰ ਗਏ। ਬਿੱਟੂ ਨੇ 2007 ਵਿੱਚ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨਾਲ ਮੁਲਾਕਾਤ ਤੋਂ ਬਾਅਦ ਰਾਜਨੀਤੀ ਵਿੱਚ ਪ੍ਰਵੇਸ਼ ਕੀਤਾ। ਇਸ ਤੋਂ ਪਹਿਲਾਂ ਬਿੱਟੂ ਇੱਕ ਛੋਟਾ ਸੀਮਿੰਟ ਉਤਪਾਦਨ ਯੂਨਿਟ ਚਲਾਉਂਦੇ ਸਨ।