Punjab, Haryana, Chandigarh: ਦੀਵਾਲੀ ਮੌਕੇ ਜ਼ਿਆਦਾਤਰ ਲੋਕ ਪਟਾਕੇ ਚਲਾਉਂਦੇ ਹਨ। ਹਾਲਾਂਕਿ ਇਸ ਨਾਲ ਹਵਾ ਪ੍ਰਦੂਸ਼ਣ ਕਾਫੀ ਹੱਦ ਤੱਕ ਵੱਧ ਜਾਂਦਾ ਹੈ। ਦੱਸ ਦੇਈਏ ਕਿ ਦੀਵਾਲੀ ਤੋਂ ਪਹਿਲਾਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਵਿੱਚ ਪਟਾਕੇ ਚਲਾਉਣ ਸਬੰਧੀ ਸਖ਼ਤ ਹੁਕਮ ਜਾਰੀ ਕੀਤੇ ਹਨ। ਇਸ ਮਾਮਲੇ ਨੂੰ ਲੈ ਕੇ ਅਦਾਲਤ ਵਿੱਚ ਜਨਹਿਤ ਪਟੀਸ਼ਨ ਦਾਇਰ ਕੀਤੀ ਗਈ ਸੀ। ਜਿਸ ਤੋਂ ਬਾਅਦ ਹੁਣ ਹਾਈ ਕੋਰਟ ਵੱਲੋਂ ਹੁਕਮ ਜਾਰੀ ਕਰ ਦਿੱਤੇ ਗਏ ਹਨ। ਆਖਿਰ ਇਨ੍ਹਾਂ ਮੁਤਾਬਕ ਲੋਕ ਕਦੋਂ ਤੋਂ ਲੈ ਕੇ ਕਦੋਂ ਤੱਕ ਪਟਾਕੇ ਚਲਾ ਸਕਣਗੇ ਇਸ ਬਾਰੇ ਵੀ ਦੱਸਿਆ ਗਿਆ ਹੈ। ਤੁਸੀ ਵੀ ਇਹ ਖਬਰ ਜ਼ਰੂਰ ਪੜ੍ਹ ਲਓ... ਜਾਣਕਾਰੀ ਲਈ ਦੱਸ ਦੇਈਏ ਕਿ ਪਟੀਸ਼ਨ 'ਚ ਕਿਹਾ ਗਿਆ ਸੀ ਕਿ 2015 ਤੋਂ ਲੈ ਕੇ ਹੁਣ ਤੱਕ ਹਾਈਕੋਰਟ ਅਤੇ ਸੁਪਰੀਮ ਕੋਰਟ ਨੇ ਪਟਾਕਿਆਂ ਦੀ ਵਰਤੋਂ, ਖਰੀਦ ਅਤੇ ਵਿਕਰੀ ਸਬੰਧੀ ਕਈ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਹਨ ਪਰ ਇਨ੍ਹਾਂ ਦੀ ਸਖਤੀ ਨਾਲ ਪਾਲਣਾ ਨਹੀਂ ਕੀਤੀ ਜਾਂਦੀ। ਦੱਸ ਦੇਈਏ ਕਿ ਸੁਪਰੀਮ ਕੋਰਟ ਨੇ ਦੀਵਾਲੀ 'ਤੇ ਪਟਾਕੇ ਚਲਾਉਣ ਦਾ ਸਮਾਂ ਪਹਿਲਾਂ ਹੀ ਤੈਅ ਕਰ ਦਿੱਤਾ ਹੈ। ਰਾਤ 8 ਵਜੇ ਤੋਂ ਰਾਤ 10 ਵਜੇ ਤੱਕ ਪਟਾਕੇ ਚਲਾਏ ਜਾ ਸਕਦੇ ਹਨ। ਭਾਰੀ ਪਟਾਕਿਆਂ ਦੀ ਬਜਾਏ ਗ੍ਰੀਨ ਪਟਾਕਿਆਂ ਦੀ ਵਰਤੋਂ ਕਰਨ ਦੇ ਆਦੇਸ਼ ਦਿੱਤੇ ਗਏ ਹਨ। ਪਟਾਕਿਆਂ ਦੀ ਵਿਕਰੀ ਲਈ ਲਾਇਸੈਂਸ ਅਤੇ ਵਿਕਰੀ ਦਾ ਸਥਾਨ ਆਬਾਦੀ ਤੋਂ ਦੂਰ ਨਿਰਧਾਰਿਤ ਕੀਤਾ ਗਿਆ ਹੈ। ਇਸ ਦੇ ਬਾਵਜੂਦ ਇਸ ਦੀ ਸਖ਼ਤੀ ਨਾਲ ਪਾਲਣਾ ਨਹੀਂ ਕੀਤੀ ਜਾ ਰਹੀ ਹੈ, ਜਿਸ ਕਾਰਨ ਅਦਾਲਤ ਵਿੱਚ ਪਟੀਸ਼ਨ ਦਾਇਰ ਕੀਤੀ ਗਈ ਹੈ। ਇਸ ਪਟੀਸ਼ਨ ਦਾ ਨਿਪਟਾਰਾ ਕਰਦਿਆਂ ਅਦਾਲਤ ਨੇ ਹੁਕਮ ਦਿੱਤਾ ਹੈ ਕਿ ਇਨ੍ਹਾਂ ਹੁਕਮਾਂ ਦੀ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਵਿੱਚ ਸਖ਼ਤੀ ਨਾਲ ਪਾਲਣਾ ਕੀਤੀ ਜਾਵੇ।