Punjab Weather Update: ਪੰਜਾਬ ਵਾਸੀਆਂ ਲਈ ਜੂਨ ਦੀ ਭੱਖਦੀ ਗਰਮੀ ਵਿਚਾਲੇ ਰਾਹਤ ਭਰੀ ਖਬਰ ਸਾਹਮਣੇ ਆਈ ਹੈ। ਦੱਸ ਦੇਈਏ ਕਿ ਜਲਦ ਹੀ ਮਾਨਸੂਨ ਦੀ ਐਂਟਰੀ ਨਾਲ ਮੌਸਮ ਬਦਲ ਜਾਏਗਾ ਅਤੇ ਲੋਕਾਂ ਨੂੰ ਤੱਪਦੀ ਧੁੱਪ ਤੋਂ ਰਾਹਤ ਮਿਲੇਗੀ।



ਜਾਣਕਾਰੀ ਮੁਤਾਬਕ ਪਿਛਲੇ 24 ਘੰਟਿਆਂ ਵਿੱਚ, ਦੱਖਣ-ਪੱਛਮੀ ਮਾਨਸੂਨ ਹੁਣ ਬਿਹਾਰ, ਪੂਰਬੀ ਉੱਤਰ ਪ੍ਰਦੇਸ਼, ਮੱਧ ਪ੍ਰਦੇਸ਼, ਉਤਰਾਖੰਡ, ਹਿਮਾਚਲ ਪ੍ਰਦੇਸ਼ ਅਤੇ ਲੱਦਾਖ ਦੇ ਕਈ ਹਿੱਸਿਆਂ ਵਿੱਚ ਪਹੁੰਚ ਗਿਆ ਹੈ।



ਜੇਕਰ ਮਾਨਸੂਨ ਇਸੇ ਰਫ਼ਤਾਰ ਨਾਲ ਜਾਰੀ ਰਿਹਾ, ਤਾਂ ਅੰਦਾਜ਼ਾ ਹੈ ਕਿ ਇਹ ਅੱਜ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਵਿੱਚ ਦਾਖਲ ਹੋਵੇਗਾ। ਮੌਸਮ ਵਿਭਾਗ ਅਨੁਸਾਰ, ਅਗਲੇ 3 ਦਿਨਾਂ ਲਈ ਮਾਨਸੂਨ ਪੰਜਾਬ ਵਿੱਚ ਦਾਖਲ ਹੋਣ ਲਈ ਅਨੁਕੂਲ ਹੈ।



ਪੰਜਾਬ ਵਿੱਚ ਪਿਛਲੇ 24 ਘੰਟਿਆਂ ਵਿੱਚ, ਵੱਧ ਤੋਂ ਵੱਧ ਤਾਪਮਾਨ ਔਸਤਨ 1.7 ਡਿਗਰੀ ਸੈਲਸੀਅਸ ਘਟਿਆ ਹੈ। ਤਾਪਮਾਨ ਆਮ ਨਾਲੋਂ 1.6 ਡਿਗਰੀ ਘੱਟ ਦਰਜ ਕੀਤਾ ਗਿਆ।



ਸੂਬੇ ਵਿੱਚ ਸਭ ਤੋਂ ਵੱਧ ਤਾਪਮਾਨ ਬਠਿੰਡਾ ਵਿੱਚ 40.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਜਦੋਂ ਕਿ ਅੰਮ੍ਰਿਤਸਰ ਵਿੱਚ 37.6 ਡਿਗਰੀ ਸੈਲਸੀਅਸ, ਲੁਧਿਆਣਾ ਵਿੱਚ 34.8 ਡਿਗਰੀ ਸੈਲਸੀਅਸ,



ਪਟਿਆਲਾ ਵਿੱਚ 35 ਡਿਗਰੀ ਸੈਲਸੀਅਸ ਅਤੇ ਪਟਿਆਲਾ ਵਿੱਚ 32.3 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਪੰਜਾਬ ਵਿੱਚ ਅੱਜ ਮੀਂਹ ਨੂੰ ਲੈ ਕੇ 16 ਜ਼ਿਲ੍ਹਿਆਂ ਵਿੱਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।



ਅੱਜ ਪਠਾਨਕੋਟ, ਅੰਮ੍ਰਿਤਸਰ, ਗੁਰਦਾਸਪੁਰ, ਤਰਨਤਾਰਨ, ਕਪੂਰਥਲਾ, ਹੁਸ਼ਿਆਰਪੁਰ, ਕਪੂਰਥਲਾ, ਜਲੰਧਰ, ਨਵਾਂਸ਼ਹਿਰ, ਲੁਧਿਆਣਾ, ਰੂਪਨਗਰ, ਮੋਹਾਲੀ, ਫਤਿਹਗੜ੍ਹ ਸਾਹਿਬ, ਪਟਿਆਲਾ, ਸੰਗਰੂਰ, ਮਾਨਸਾ ਅਤੇ ਬਰਨਾਲਾ ਵਿੱਚ ਮੀਂਹ ਸਬੰਧੀ ਅਲਰਟ ਜਾਰੀ ਕੀਤਾ ਗਿਆ ਹੈ।



ਮੌਸਮ ਵਿਭਾਗ ਨੇ ਅਗਲੇ ਹਫ਼ਤੇ ਲਈ ਇੱਕ ਵਿਸ਼ੇਸ਼ ਚੇਤਾਵਨੀ ਜਾਰੀ ਕੀਤੀ ਹੈ। 26 ਜੂਨ ਤੱਕ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਦੇ ਕਈ ਇਲਾਕਿਆਂ ਵਿੱਚ ਭਾਰੀ ਮੀਂਹ ਦੀ ਸੰਭਾਵਨਾ ਹੈ।



22 ਜੂਨ ਨੂੰ ਚੰਡੀਗੜ੍ਹ ਅਤੇ ਉੱਤਰੀ ਹਰਿਆਣਾ ਵਿੱਚ ਕੁਝ ਥਾਵਾਂ 'ਤੇ ਬਹੁਤ ਭਾਰੀ ਮੀਂਹ ਪੈ ਸਕਦਾ ਹੈ। ਗਰਜ ਅਤੇ ਤੇਜ਼ ਹਵਾਵਾਂ (30-40 ਕਿਲੋਮੀਟਰ ਪ੍ਰਤੀ ਘੰਟਾ) ਨਾਲ ਮੀਂਹ ਪੈਣ ਦੀ ਆਸਾਰ ਹਨ।