ਪੰਜਾਬ ‘ਚ ਨਵੇਂ ਸਾਲ ਦੀ ਸ਼ੁਰੂਆਤ ਨਾਲ ਹੀ ਮੌਸਮ ਨੇ ਕਰਵਟ ਲੈ ਲਈ ਹੈ। ਨਵੇਂ ਸਾਲ ਦੇ ਪਹਿਲੇ ਦਿਨ ਰਾਜ ਦੇ ਕਈ ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਦਰਜ ਕੀਤਾ ਜਾ ਰਿਹਾ ਹੈ।

ਤੜਕੇ ਤੋਂ ਹੋ ਰਹੀ ਬਾਰਿਸ਼ ਕਾਰਨ ਲੋਕਾਂ ਨੂੰ ਸੰਘਣੇ ਕੋਹਰੇ ਦੇ ਨਾਲ-ਨਾਲ ਸ਼ੀਤ ਲਹਿਰ ਦਾ ਸਾਹਮਣਾ ਕਰਨਾ ਪੈ ਸਕਦਾ ਹੈ, ਜਿਸ ਨਾਲ ਠੰਡ ਹੋਰ ਵਧਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ।

ਮੀਂਹ ਦੇ ਨਾਲ ਠੰਡੀ ਹਵਾਵਾਂ ਚੱਲਣ ਕਾਰਨ ਜਨਜੀਵਨ ਪ੍ਰਭਾਵਿਤ ਹੋਇਆ ਹੈ ਅਤੇ ਲੋਕ ਘਰਾਂ ਵਿੱਚ ਰਹਿਣ ਲਈ ਮਜਬੂਰ ਹਨ। ਪਟਿਆਲਾ, ਜਲੰਧਰ ਅਤੇ ਚੰਡੀਗੜ੍ਹ ਸਮੇਤ ਕਈ ਇਲਾਕਿਆਂ ਵਿੱਚ ਲਗਾਤਾਰ ਬਾਰਿਸ਼ ਹੋ ਰਹੀ ਹੈ।

ਮੌਸਮ ਵਿਭਾਗ ਨੇ 31 ਦਸੰਬਰ 2025 ਤੋਂ 3 ਜਨਵਰੀ 2026 ਤੱਕ ਪੰਜਾਬ ਦੇ ਕਈ ਹਿੱਸਿਆਂ ਵਿੱਚ ਸੰਘਣੇ ਕੋਹਰੇ ਅਤੇ ਕੋਲਡ ਵੇਵ ਨੂੰ ਲੈ ਕੇ ਚੇਤਾਵਨੀ ਜਾਰੀ ਕੀਤੀ ਹੈ।

ਇਸਦੇ ਨਾਲ ਹੀ ਕੁਝ ਜ਼ਿਲ੍ਹਿਆਂ ਵਿੱਚ ਮੀਂਹ ਦਾ ਅਲਰਟ ਵੀ ਜਾਰੀ ਕੀਤਾ ਗਿਆ ਹੈ।

ਮੌਸਮ ਵਿਭਾਗ ਮੁਤਾਬਕ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਲੁਧਿਆਣਾ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ ਅਤੇ ਐਸ.ਏ.ਐਸ. ਨਗਰ ਵਿੱਚ ਅਗਲੇ ਤਿੰਨ ਦਿਨਾਂ ਤੱਕ ਮੀਂਹ ਪੈਣ ਦੀ ਸੰਭਾਵਨਾ ਬਣੀ ਹੋਈ ਹੈ।

2 ਜਨਵਰੀ – ਅੱਜ ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਮੁਕਤਸਰ, ਮੋਗਾ, ਬਠਿੰਡਾ, ਮਾਨਸਾ ਅਤੇ ਲੁਧਿਆਣਾ ਵਿੱਚ ਬਹੁਤ ਘਣਾ ਕੋਹਰਾ ਪੈਣ ਦੀ ਸੰਭਾਵਨਾ ਹੈ।

ਉੱਥੇ ਹੀ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਕਪੂਰਥਲਾ, ਜਲੰਧਰ, ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਮੁਕਤਸਰ, ਮੋਗਾ, ਬਠਿੰਡਾ ਅਤੇ ਲੁਧਿਆਣਾ ਦੇ ਕੁਝ ਇਲਾਕਿਆਂ ਵਿੱਚ ਸ਼ੀਤ ਲਹਿਰ ਚੱਲਣ ਦੀ ਆਸ਼ੰਕਾ ਹੈ।