ਪੰਜਾਬ ਸਰਕਾਰ ਨੇ ਅਗਨੀਵੀਰਾਂ ਲਈ ਵੱਡਾ ਐਲਾਨ ਕਰ ਦਿੱਤਾ ਹੈ। ਰਾਜ ਸਰਕਾਰ ਅਗਨੀਵੀਰਾਂ ਨੂੰ ਸੇਵਾਮੁਕਤੀ ਤੋਂ ਬਾਅਦ ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰੇਗੀ। ਇਹ ਐਲਾਨ ਕਰਦਿਆਂ ਪੰਜਾਬ ਦੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮਹਿੰਦਰ ਭਗਤ ਨੇ ਕਿਹਾ ਕਿ ਰਾਜ ਸਰਕਾਰ ਅਗਨੀਵੀਰਾਂ ਦੀ ਫੌਜ ਵਿੱਚੋਂ ਸੇਵਾਮੁਕਤੀ ਤੋਂ ਬਾਅਦ ਉਨ੍ਹਾਂ ਨੂੰ ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਲਈ ਵਚਨਬੱਧ ਹੈ। ਕੈਬਨਿਟ ਮੰਤਰੀ ਮਹਿੰਦਰ ਭਗਤ ਨੇ ਐਲਾਨ ਕੀਤਾ ਹੈ ਕਿ 2027 ਵਿੱਚ ਸੇਵਾਮੁਕਤ ਹੋਣ ਵਾਲੇ 800 ਅਗਨੀਵੀਰਾਂ ਨੂੰ ਨੌਕਰੀਆਂ ਦਿੱਤੀਆਂ ਜਾਣਗੀਆਂ। ਕਿਉਂਕਿ ਉਹ ਸਾਬਕਾ ਸੈਨਿਕ ਲਾਭਾਂ ਲਈ ਯੋਗ ਨਹੀਂ ਹੋਣਗੇ, ਮੁੱਖ ਮੰਤਰੀ ਭਗਵੰਤ ਮਾਨ ਨੇ ਪਹਿਲਾਂ ਹੀ ਇਨ੍ਹਾਂ ਨੌਜਵਾਨਾਂ (ਅਗਨੀਵੀਰ) ਲਈ ਨੌਕਰੀਆਂ ਯਕੀਨੀ ਬਣਾਉਣ ਲਈ ਪ੍ਰਸਤਾਵ ਤਿਆਰ ਕਰਨ ਦੇ ਨਿਰਦੇਸ਼ ਦਿੱਤੇ ਹਨ। ਮਹਿੰਦਰ ਭਗਤ ਨੇ ਅੱਗੇ ਕਿਹਾ, ਸਰਕਾਰ ਉਨ੍ਹਾਂ ਲੋਕਾਂ ਦੇ ਭਵਿੱਖ ਨੂੰ ਸੁਰੱਖਿਅਤ ਕਰਨ ਲਈ ਸਰਗਰਮ ਕਦਮ ਚੁੱਕ ਰਹੀ ਹੈ, ਜਿਨ੍ਹਾਂ ਨੇ ਸਨਮਾਨ ਨਾਲ ਸਾਡੇ ਦੇਸ਼ ਦੀ ਸੇਵਾ ਕੀਤੀ ਹੈ। ਭਾਵੇਂ ਪੰਜਾਬ ਸਰਕਾਰ ਹਮੇਸ਼ਾ ਹੀ ਅਗਨੀਵੀਰ ਸਕੀਮ ਨੂੰ ਲੈ ਕੇ ਕੇਂਦਰ ਸਰਕਾਰ ਦੀ ਆਲੋਚਨਾ ਕਰਦੀ ਰਹੀ ਹੈ ਪਰ ਹੁਣ ਸੂਬਾ ਸਰਕਾਰ ਨੇ ਅਗਨੀਵੀਰ ਨੂੰ ਸੇਵਾਮੁਕਤੀ ਤੋਂ ਬਾਅਦ ਰੁਜ਼ਗਾਰ ਦੇ ਮੌਕੇ ਦੇਣ ਦਾ ਐਲਾਨ ਕੀਤਾ ਹੈ। ਰਾਜ ਸਰਕਾਰ ਸੇਵਾਮੁਕਤੀ ਤੋਂ ਬਾਅਦ ਉਨ੍ਹਾਂ ਦੀ ਦੇਖਭਾਲ ਕਰੇਗੀ, ਜੋ ਕਿ ਅਗਨੀਵੀਰਾਂ ਲਈ ਇੱਕ ਵੱਡੀ ਰਾਹਤ ਹੈ।