ਪੰਜਾਬ 'ਚ ਅੱਜ ਤੋਂ ਮੌਸਮ 'ਚ ਬਦਲਾਅ ਦੇਖਣ ਨੂੰ ਮਿਲ ਸਕਦਾ ਹੈ। ਮੌਸਮ ਵਿਭਾਗ ਦਾ ਮੰਨਣਾ ਹੈ ਕਿ ਲੰਬੇ ਸਮੇਂ ਤੋਂ ਸੁਸਤ ਰਹਿਣ ਵਾਲਾ ਮਾਨਸੂਨ ਅੱਜ ਐਕਟਿਵ ਹੋ ਸਕਦਾ ਹੈ। ਅੱਜ ਪਠਾਨਕੋਟ, ਗੁਰਦਾਸਪੁਰ ਅਤੇ ਹੁਸ਼ਿਆਰਪੁਰ ਵਿੱਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਸ ਤੋਂ ਇਲਾਵਾ ਅੰਮ੍ਰਿਤਸਰ, ਕਪੂਰਥਲਾ, ਜਲੰਧਰ, ਲੁਧਿਆਣਾ, ਨਵਾਂਸ਼ਹਿਰ, ਰੂਪਨਗਰ, ਮੋਹਾਲੀ, ਪਟਿਆਲਾ, ਫਤਿਹਗੜ੍ਹ ਸਾਹਿਬ, ਸੰਗਰੂਰ, ਮਾਨਸਾ ਅਤੇ ਬਠਿੰਡਾ 'ਚ ਮੀਂਹ ਪੈਣ ਦੀ ਸੰਭਾਵਨਾ ਹੈ। ਸੋਮਵਾਰ ਨੂੰ ਵੀ ਤਾਪਮਾਨ 'ਚ ਮਾਮੂਲੀ ਵਾਧਾ ਦੇਖਿਆ ਗਿਆ। ਸੂਬੇ ਦਾ ਔਸਤ ਤਾਪਮਾਨ ਆਮ ਨਾਲੋਂ 2.1 ਡਿਗਰੀ ਵੱਧ ਦਰਜ ਕੀਤਾ ਗਿਆ ਹੈ। ਮੌਸਮ ਵਿਭਾਗ ਵੱਲੋਂ ਜਾਰੀ ਅੰਕੜਿਆਂ ਅਨੁਸਾਰ ਸੋਮਵਾਰ ਸ਼ਾਮ ਤੱਕ ਅੰਮ੍ਰਿਤਸਰ ਵਿੱਚ 0.7 ਮਿਲੀਮੀਟਰ, ਫ਼ਿਰੋਜ਼ਪੁਰ ਵਿੱਚ 0.5 ਮਿਲੀਮੀਟਰ, ਗੁਰਦਾਸਪੁਰ ਵਿੱਚ 4 ਮਿਲੀਮੀਟਰ ਅਤੇ ਪਠਾਨਕੋਟ ਵਿੱਚ 1 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ। ਜਦੋਂ ਕਿ ਦੇਰ ਰਾਤ ਪੂਰਬੀ ਮਾਲਵੇ ਵਿੱਚ ਮੀਂਹ ਦੇ ਅਲਰਟ ਤੋਂ ਇਲਾਵਾ ਮਾਨਸਾ, ਸੰਗਰੂਰ, ਬਰਨਾਲਾ, ਬਠਿੰਡਾ, ਲੁਧਿਆਣਾ, ਫਤਿਹਗੜ੍ਹ ਸਾਹਿਬ, ਰੂਪਨਗਰ, ਮੋਗਾ, ਜਲੰਧਰ, ਨਵਾਂਸ਼ਹਿਰ ਅਤੇ ਹੁਸ਼ਿਆਰਪੁਰ ਲਈ ਫਲੈਸ਼ ਅਲਰਟ ਜਾਰੀ ਕੀਤਾ ਗਿਆ ਹੈ।