ਅਮਰੀਕਾ ਵੱਲੋਂ ਗੈਰ-ਕਾਨੂੰਨੀ ਪਰਵਾਸੀਆਂ ਨੂੰ ਡਿਪੋਰਟ ਕਰਨ ਮਗਰੋਂ ਫਰਜ਼ੀ ਟਰੈਵਲ ਏਜੰਟਾਂ ਦੀ ਸ਼ਾਮਤ ਆ ਗਈ ਹੈ।

ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਸੂਬਾ ਸਰਕਾਰ ਨੂੰ ਗੈਰ-ਕਾਨੂੰਨੀ ਇਮੀਗ੍ਰੇਸ਼ਨ ਰੋਕਣ ਦਾ ਹੁਕਮ ਦਿੱਤਾ ਹੈ।

ਅਦਾਲਤ ਦੇ ਹੁਕਮ ਮੁਤਾਬਕ ਸਰਕਾਰ ਨੂੰ ਇੱਕ ਮਹੀਨੇ ਦੇ ਅੰਦਰ-ਅੰਦਰ ਗੈਰ-ਕਾਨੂੰਨੀ ਇਮੀਗ੍ਰੇਸ਼ਨ ਨੂੰ ਰੋਕਣ ਲਈ ਕਦਮ ਚੁੱਕਣੇ ਪੈਣਗੇ।



ਆਉਣ ਵਾਲੇ ਦਿਨਾਂ ਵਿੱਚ ਵੱਡੀ ਗਿਣਤੀ ਵਿੱਚ ਟਰੈਵਲ ਏਜੰਟਾਂ ਦੀਆਂ ਦੁਕਾਨਾਂ ਨੂੰ ਜਿੰਦਰੇ ਲੱਗਣ ਜਾ ਰਹੇ ਹਨ।

ਐਡਵੋਕੇਟ ਕੰਵਲ ਪਾਹੁਲ ਸਿੰਘ ਨੇ ਹਾਈਕੋਰਟ ਵਿੱਚ ਇੱਕ ਪਟੀਸ਼ਨ ਦਾਇਰ ਕੀਤੀ ਸੀ। ਇਸ ਵਿੱਚ ਉਨ੍ਹਾਂ ਨੇ ਅਮਰੀਕਾ ਤੋਂ ਵੱਡੀ ਗਿਣਤੀ ਵਿੱਚ ਪੰਜਾਬ ਦੇ ਲੋਕਾਂ ਨੂੰ ਦੇਸ਼ ਨਿਕਾਲਾ ਦੇਣ ਦਾ ਮੁੱਦਾ ਉਠਾਇਆ ਹੈ।

HC ਨੇ ਪੰਜਾਬ ਸਰਕਾਰ ਨੂੰ ਗੈਰ-ਕਾਨੂੰਨੀ ਟਰੈਵਲ ਏਜੰਟਾਂ ਵਿਰੁੱਧ ਕਾਰਵਾਈ ਕਰਨ ਤੇ ਡੌਂਕੀ ਰੂਟ ਰਾਹੀਂ ਪੰਜਾਬ ਤੋਂ ਅਮਰੀਕਾ ਜਾਣ ਵਾਲੀ ਗੈਰ-ਕਾਨੂੰਨੀ ਇਮੀਗ੍ਰੇਸ਼ਨ ਨੂੰ ਰੋਕਣ ਲਈ ਇੱਕ ਮਹੀਨੇ ਦੇ ਅੰਦਰ ਫੈਸਲਾ ਲੈਣ ਦਾ ਹੁਕਮ ਦਿੱਤਾ ਹੈ।

ਚੀਫ਼ ਜਸਟਿਸ ਸ਼ੀਲ ਨਾਗੂ ਤੇ ਜਸਟਿਸ ਹਰਮੀਤ ਸਿੰਘ ਗਰੇਵਾਲ ਨੇ ਪਟੀਸ਼ਨਕਰਤਾ ਐਡਵੋਕੇਟ ਕੰਵਲ ਪਾਹੁਲ ਸਿੰਘ ਨੂੰ ਆਪਣੀ ਸ਼ਿਕਾਇਤ ਸਰਕਾਰ ਨੂੰ ਭੇਜਣ ਦੀ ਸਲਾਹ ਦਿੱਤੀ ਹੈ।



ਅਦਾਲਤ ਨੇ ਸਰਕਾਰ ਨੂੰ ਇਸ ਬਾਰੇ ਫੈਸਲਾ ਲੈਣ ਤੇ 30 ਦਿਨਾਂ ਦੇ ਅੰਦਰ ਸੂਚਿਤ ਕਰਨ ਲਈ ਕਿਹਾ ਹੈ। ਇਸ ਦੇ ਨਾਲ ਹੀ ਪਟੀਸ਼ਨ ਦਾ ਨਿਬੇੜਾ ਵੀ ਕਰ ਦਿੱਤਾ ਗਿਆ ਹੈ।

ਪਟੀਸ਼ਨ ਵਿੱਚ ਹਰ ਜ਼ਿਲ੍ਹੇ ਅੰਦਰ ਇਮੀਗ੍ਰੇਸ਼ਨ ਚੈੱਕ ਪੋਸਟਾਂ ਦੀ ਮੰਗ ਕੀਤੀ ਗਈ ਸੀ।

ਪੰਜਾਬ ਦੇ ਹਰ ਜ਼ਿਲ੍ਹੇ ਵਿੱਚ ਇਮੀਗ੍ਰੇਸ਼ਨ ਚੈੱਕ ਪੋਸਟਾਂ ਸਥਾਪਤ ਕੀਤੀਆਂ ਜਾਣੀਆਂ ਚਾਹੀਦੀਆਂ ਹਨ ਤਾਂ ਜੋ ਵਿਦੇਸ਼ ਜਾਣ ਦੀ ਪ੍ਰਕਿਰਿਆ ਸਹੀ ਢੰਗ ਨਾਲ ਹੋ ਸਕੇ ਤੇ ਲੋਕ ਧੋਖਾਧੜੀ ਦਾ ਸ਼ਿਕਾਰ ਨਾ ਹੋਣ।



ਇਸ ਤੋਂ ਇਲਾਵਾ ਨਕਲੀ ਟਰੈਵਲ ਏਜੰਟਾਂ ਵਿਰੁੱਧ ਸਖ਼ਤ ਕਾਰਵਾਈ ਕਰਨ ਦੀ ਮੰਗ ਕੀਤੀ ਗਈ ਹੈ।