Punjab News: ਪੰਜਾਬ ਦੇ ਕਿਸਾਨਾਂ ਵੱਲੋਂ ਆਪਣੇ ਹੱਕ ਲਈ ਲਗਾਤਾਰ ਸਰਕਾਰ ਦਾ ਵਿਰੋਧ ਕੀਤਾ ਜਾ ਰਿਹਾ ਹੈ। ਦੱਸ ਦੇਈਏ ਕਿ ਇਸੇ ਦੇ ਚੱਲਦੇ ਕਿਸਾਨ 14 ਦਸੰਬਰ ਨੂੰ ਸ਼ੰਭੂ ਬਾਰਡਰ ਤੋਂ ਦਿੱਲੀ ਵੱਲ ਕੂਚ ਕਰਨਗੇ। ਇਹ ਫੈਸਲਾ ਮੰਗਲਵਾਰ ਨੂੰ ਸ਼ੰਭੂ ਬਾਰਡਰ 'ਤੇ ਹੋਈ ਮੀਟਿੰਗ 'ਚ ਲਿਆ ਗਿਆ। ਇਸ ਤੋਂ ਬਾਅਦ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਪ੍ਰੈਸ ਕਾਨਫਰੰਸ ਕਰਕੇ ਇਹ ਜਾਣਕਾਰੀ ਦਿੱਤੀ। ਇਸ ਮੌਕੇ ਕਿਸਾਨ ਆਗੂ ਤੇਜਵੀਰ ਸਿੰਘ ਨੇ ਕਿਹਾ ਕਿ 13 ਦਸੰਬਰ ਨੂੰ ਇਸ ਅੰਦੋਲਨ ਨੂੰ 10 ਮਹੀਨੇ ਪੂਰੇ ਹੋ ਰਹੇ ਹਨ। ਅਜਿਹੇ 'ਚ 13 ਤਰੀਕ ਨੂੰ ਵੱਡਾ ਇਕੱਠ ਹੋਵੇਗਾ। ਕਿਸਾਨ ਆਗੂਆਂ ਨੇ ਕਿਹਾ ਕਿ ਜਿਸ ਤਰ੍ਹਾਂ ਹਰਿਆਣਾ ਵਿੱਚ ਇੰਟਰਨੈੱਟ ਸੇਵਾ ਬੰਦ ਹੈ, ਉਸੇ ਤਰ੍ਹਾਂ ਉਨ੍ਹਾਂ ਨੂੰ ਪਤਾ ਲੱਗਾ ਹੈ ਕਿ ਪੰਜਾਬ ਦੇ ਇਲਾਕੇ ਵਿੱਚ ਵੀ ਬਾਰਡਰ ਤੋਂ ਡੇਢ ਕਿਲੋਮੀਟਰ ਤੱਕ ਇੰਟਰਨੈੱਟ ਬੰਦ ਕੀਤਾ ਜਾ ਰਿਹਾ ਹੈ। ਇਸਦੇ ਨਾਲ ਹੀ ਉਨ੍ਹਾਂ ਕਿਹਾ ਕਿ ਅਜੇ ਤੱਕ ਸਰਕਾਰ ਵੱਲੋਂ ਮੀਟਿੰਗ ਦਾ ਕੋਈ ਸੱਦਾ ਨਹੀਂ ਆਇਆ ਹੈ। ਜ਼ਿਕਰਯੋਗ ਹੈ ਕਿ ਮੰਗਲਵਾਰ ਨੂੰ ਕਿਸਾਨਾਂ ਨੇ ਸ਼ੰਭੂ ਬਾਰਡਰ 'ਤੇ ਸਫਾਈ ਮੁਹਿੰਮ ਚਲਾਈ ਸੀ। ਸਰਵਣ ਸਿੰਘ ਪੰਧੇਰ ਦਾ ਕਹਿਣਾ ਹੈ ਕਿ ਪੁਲਿਸ ਵੱਲੋਂ ਛੱਡੇ ਗਏ ਅੱਥਰੂ ਗੈਸ ਦੇ ਗੋਲੇ ਅਜੇ ਵੀ ਆਪਣਾ ਅਸਰ ਦਿਖਾ ਰਹੇ ਹਨ। ਕਿਸਾਨਾਂ ਨੇ ਸਰਹੱਦ 'ਤੇ ਫੈਲੀ ਗੰਦਗੀ ਨੂੰ ਸਾਫ਼ ਕੀਤਾ। ਡੱਲੇਵਾਲ ਦੀ ਸਿਹਤਯਾਬੀ ਲਈ ਕਿਸਾਨ 11 ਦਸੰਬਰ ਨੂੰ ਸਾਰੇ ਪਿੰਡਾਂ ਵਿੱਚ ਧਾਰਮਿਕ ਸਥਾਨਾਂ ’ਤੇ ਅਰਦਾਸ ਕਰਨਗੇ। ਇਸ ਲਈ ਰਣਨੀਤੀ ਬਣਾਈ ਗਈ ਹੈ। ਕਿਸਾਨਾਂ ਨੇ ਮੰਚ ਤੋਂ ਮੰਗ ਕੀਤੀ ਹੈ ਕਿ ਵੱਧ ਤੋਂ ਵੱਧ ਲੋਕ ਮੋਰਚੇ ਵਿੱਚ ਪਹੁੰਚ ਕਰਨ ਤਾਂ ਜੋ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾ ਸਕੇ।