ਰੈਸਲਿੰਗ ਫੈਡਰੇਸ਼ਨ ਆਫ ਇੰਡੀਆ ਦੇ ਪ੍ਰਧਾਨ ਅਤੇ ਭਾਜਪਾ ਸੰਸਦ ਮੈਂਬਰ ਬ੍ਰਿਜ ਭੂਸ਼ਣ ਸ਼ਰਨ ਸਿੰਘ ਜੋ ਕਿ ਪਿੱਛਲੇ ਕਾਫੀ ਸਮੇਂ ਤੋਂ ਸੁਰਖੀਆਂ ਵਿੱਚ ਬਣੇ ਹੋਏ ਹਨ।



ਭਾਰਤੀ ਕੁਸ਼ਤੀ ਸੰਘ ਦੇ ਪ੍ਰਧਾਨ ਬ੍ਰਿਜ ਭੂਸ਼ਣ ਸ਼ਰਨ ਸਿੰਘ ਅਤੇ ਕੁਝ ਕੋਚਾਂ ਖਿਲਾਫ ਭਲਵਾਨਾਂ ਦਾ ਪ੍ਰਦਰਸ਼ਨ ਪਿਛਲੇ ਕਾਫੀ ਦਿਨਾਂ ਤੋਂ ਲਗਾਤਾਰ ਜਾਰੀ ਹੈ।



ਪ੍ਰਦਰਸ਼ਨਕਾਰੀ ਭਲਵਾਨਾਂ ਦੇ ਲਈ ਵੱਧ ਰਹੇ ਸਮਰਥਨ ਦੇ ਵਿਚਾਲੇ ਦਿੱਲੀ ਪੁਲਿਸ ਨੇ ਸ਼ੁੱਕਰਵਾਰ ਨੂੰ ਸੱਤ ਮਹਿਲਾ ਭਲਵਾਨਾਂ ਦੁਆਰਾ ਲਗਾਏ ਗਏ ਜਿਨਸੀ ਸ਼ੋਸ਼ਣ ਦੇ ਦੋਸ਼ਾਂ ਦੇ ਸਬੰਧ ਵਿੱਚ ਰੈਸਲਿੰਗ ਫੈਡਰੇਸ਼ਨ ਆਫ ਇੰਡੀਆ ਦੇ ਮੁਖੀ ਬ੍ਰਿਜ ਭੂਸ਼ਣ ਸ਼ਰਨ ਸਿੰਘ ਦੇ ਖਿਲਾਫ ਦੋ ਐਫਆਈਆਰ ਦਰਜ ਕੀਤੀਆਂ ਹਨ।



ਪਰ ਪ੍ਰਦਰਸ਼ਨ ਕਰ ਰਹੇ ਖਿਡਾਰੀਆਂ ਦਾ ਕਹਿਣਾ ਹੈ ਕਿ ਜਦੋਂ ਤੱਕ ਬ੍ਰਿਜ ਭੂਸ਼ਣ ਸ਼ਰਨ ਸਿੰਘ ਦੀ ਗ੍ਰਿਫ਼ਤਾਰੀ ਨਹੀਂ ਹੁੰਦੀ ਉਹ ਧਰਨਾ ਜਾਰੀ ਰੱਖਣਗੇ।



ਖਿਡਾਰੀਆਂ ਵੱਲੋਂ ਲੱਖਾਂ ਕੋਸ਼ਿਸ਼ਾਂ ਦੇ ਬਾਵਜੂਦ ਭਾਜਪਾ ਦੇ ਸੰਸਦ ਮੈਂਬਰ ਬ੍ਰਿਜ ਭੂਸ਼ਣ ਸ਼ਰਨ ਸਿੰਘ ਵਿਰੁੱਧ ਕੁਝ ਨਹੀਂ ਕੀਤਾ ਗਿਆ। ਆਓ ਜਾਣਦੇ ਹਾਂ ਆਖਿਰ ਕੌਣ ਹੈ ਬ੍ਰਿਜ ਭੂਸ਼ਣ ਸ਼ਰਨ ਸਿੰਘ ?



ਉੱਤਰ ਪ੍ਰਦੇਸ਼ ਦੇ ਕੈਸਰਗੰਜ ਤੋਂ ਬੀਜੇਪੀ ਸੰਸਦ ਬ੍ਰਿਜ ਭੂਸ਼ਣ ਸ਼ਰਨ ਸਿੰਘ 2011 ਤੋਂ ਡਬਲਯੂਐਫਆਈ ਦੇ ਪ੍ਰਧਾਨ ਹਨ। ਉਸਨੇ ਗੋਂਡਾ, ਕੈਸਰਗੰਜ ਅਤੇ ਬਲਰਾਮਪੁਰ ਦੇ ਹਲਕਿਆਂ ਦੀ ਨੁਮਾਇੰਦਗੀ ਕਰਦੇ ਹੋਏ ਛੇ ਵਾਰ ਸੰਸਦ ਮੈਂਬਰ ਵਜੋਂ ਸੇਵਾ ਕੀਤੀ ਹੈ।



1980 ਦੇ ਦਹਾਕੇ ਵਿੱਚ ਵਿਦਿਆਰਥੀ ਰਾਜਨੀਤੀ ਵਿੱਚ ਆਉਣ ਤੋਂ ਪਹਿਲਾਂ ਉਹ ਆਪਣੀ ਜਵਾਨੀ ਵਿੱਚ ਇੱਕ ਭਲਵਾਨ ਸੀ।
ਅਯੁੱਧਿਆ ਵਿੱਚ ਰਾਮ ਮੰਦਿਰ ਅੰਦੋਲਨ ਦੇ ਦੌਰਾਨ ਉਨ੍ਹਾਂ ਦੀ ਅਗਨੀ 'ਹਿੰਦੂਤਵੀ ਅਕਸ' ਨੇ ਉਸਨੂੰ ਪ੍ਰਸਿੱਧੀ ਵੱਲ ਪ੍ਰੇਰਿਤ ਕੀਤਾ।


ਉਹ 2014 ਦੀਆਂ ਲੋਕ ਸਭਾ ਚੋਣਾਂ ਤੋਂ ਪਹਿਲਾਂ ਭਾਜਪਾ ਵਿੱਚ ਸ਼ਾਮਲ ਹੋਏ ਸੀ ਅਤੇ 2014 ਅਤੇ 2019 ਵਿੱਚ ਲੋਕ ਸਭਾ ਲਈ ਚੁਣੇ ਗਏ। ਬ੍ਰਿਜਭੂਸ਼ਣ ਸ਼ਰਨ ਸਿੰਘ ਬਾਬਰੀ ਢਾਹੁਣ ਦੇ ਮਾਮਲੇ ਵਿਚ ਦੋਸ਼ੀ ਸੀ। ਬਾਅਦ ਵਿਚ ਅਦਾਲਤ ਨੇ ਉਸ ਨੂੰ ਬਰੀ ਕਰ ਦਿੱਤਾ।



ਬ੍ਰਿਜ ਭੂਸ਼ਣ ਖਿਲਾਫ ਪਿਛਲੇ ਕੁਝ ਸਾਲਾਂ 'ਚ ਕਈ ਗੰਭੀਰ ਮਾਮਲੇ ਦਰਜ ਕੀਤੇ ਗਏ ਸਨ। ਉਸਦੇ ਖਿਲਾਫ ਕਤਲ ਤੋਂ ਲੈ ਕੇ ਅੰਡਰਵਰਲਡ ਲਿੰਕਸ, ਗੁੰਡਾ ਐਕਟ, ਗੈਂਗਸਟਰ ਐਕਟ ਤੱਕ ਦੀਆਂ ਧਾਰਾਵਾਂ ਵਿੱਚ ਕੇਸ ਦਰਜ ਕੀਤਾ ਗਿਆ ਸੀ। ਇਨ੍ਹਾਂ ਵਿੱਚੋਂ ਕੁਝ ਮਾਮਲਿਆਂ ਵਿੱਚ ਉਹ ਬਰੀ ਹੋ ਚੁੱਕੇ ਹਨ।



ਵਿਰੋਧ ਕਰ ਰਹੇ ਭਲਵਾਨਾਂ ਨੇ ਉਸ ਦੇ ਅਪਰਾਧਿਕ ਰਿਕਾਰਡ ਦਾ ਪੋਸਟਰ ਵੀ ਜਾਰੀ ਕੀਤਾ ਹੈ, ਜਿਸ ਵਿਚ ਉਸ ਖਿਲਾਫ 38 ਧਾਰਾਵਾਂ ਵਿਚ ਦਰਜ ਕੇਸਾਂ ਦਾ ਜ਼ਿਕਰ ਕੀਤਾ ਗਿਆ ਹੈ।